ਪਟਿਆਲਾ ਸ਼ਹਿਰ ਵਿੱਚ ਸਿਹਤ ਅਤੇ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਨਗਰ ਨਿਗਮ ਨੇ ਖਾਲੀ ਪਲਾਟਾਂ ਦੇ ਮਾਲਕਾਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਖਾਲੀ ਪਲਾਟਾਂ ਦਾ ਕੂੜਾ ਡੰਪ ਬਣਨਾ ਅਤੇ ਪਾਣੀ ਖੜ੍ਹੇ ਹੋਣ ਨਾਲ ਬਿਮਾਰੀਆਂ ਦਾ ਵੱਡਾ ਕਾਰਨ ਬਣ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਖ਼ਤ ਰੁਖ ਅਪਣਾਇਆ ਹੈ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਬਹੁਤ ਸਾਰੇ ਖਾਲੀ ਪਲਾਟਾਂ ਨੂੰ ਆਸ-ਪਾਸ ਦੇ ਲੋਕ ਕੂੜਾ ਸੁੱਟਣ ਦੀ ਜਗ੍ਹਾ ਵਜੋਂ ਵਰਤ ਰਹੇ ਹਨ। ਇਸ ਨਾਲ ਜਾਨਲੇਵਾ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਕਈ ਗੁਣਾਂ ਵੱਧ ਜਾਂਦਾ ਹੈ। ਖਾਲੀ ਪਲਾਟਾਂ ਦੀ ਅਣਗਹਿਲੀ ਸਿੱਧੇ ਤੌਰ ’ਤੇ ਸ਼ਹਿਰਵਾਸੀਆਂ ਦੀ ਸਿਹਤ ਨੂੰ ਖ਼ਤਰੇ ਵਿੱਚ ਪਾ ਰਹੀ ਹੈ। ਇਸੇ ਦੌਰਾਨ ਨਗਰ ਨਿਗਮ ਨੇ ਪਲਾਟ ਮਾਲਕਾਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਉਣ ਅਤੇ ਉਨ੍ਹਾਂ ਨੂੰ ਕੂੜਾ ਮੁਕਤ ਰੱਖਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਮੇਅਰ ਗੋਗੀਆ ਨੇ ਸਪੱਸ਼ਟ ਕੀਤਾ ਹੈ ਕਿ ਜੇ ਨਿਰਧਾਰਿਤ ਸਮੇਂ ਅੰਦਰ ਪਲਾਟ ਸਾਫ਼ ਨਾ ਕੀਤੇ ਗਏ, ਤਾਂ ਨਿਗਮ ਵੱਲੋਂ ਨਾ ਸਿਰਫ਼ ਭਾਰੀ ਜੁਰਮਾਨਾ ਲਗਾਇਆ ਜਾਵੇਗਾ, ਸਗੋਂ ਪਲਾਟ ਦੀ ਸਫ਼ਾਈ ’ਤੇ ਹੋਇਆ ਸਾਰਾ ਖ਼ਰਚਾ ਵੀ ਮਾਲਕਾਂ ਤੋਂ ਹੀ ਵਸੂਲਿਆ ਜਾਵੇਗਾ। ਇਸ ਨਿਰਦੇਸ਼ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਵਿਭਾਗ ਵੱਲੋਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਗੰਦਗੀ ਵਾਲੇ ਖਾਲੀ ਪਲਾਟਾਂ ਦੀ ਨਿਸ਼ਾਨਦੇਹੀ ਕਰ ਰਹੀਆਂ ਹਨ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

