ਆਨੰਦਪੁਰ ਸਾਹਿਬ ਤੋਂ ਆਰੰਭ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 12 ਜੁਲਾਈ
ਗੁਰੂ ਤੇਗ਼ ਬਹਾਦਰ ਦੇ 350 ਸਾਲਾ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋੋਇਆ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ ਲੰਘੀ ਰਾਤ ਇੱਥੇ ਪੁੱਜਿਆ ਸੀ ਤੇ ਵਿਸ਼ਰਾਮ ਮਗਰੋਂ ਅੱਜ ਰਵਾਨਾ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਨਗਰ ਕੀਰਤਨ ਦੇ ਦਰਸ਼ਨ ਕੀਤੇ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਇਤਿਹਾਸ ਦਾ ਪੰਨਾ ਸਿੱਖ ਕੌਮ ਵੱਲੋਂ ਦੇਸ਼ ਲਈ ਦਿੱਤੀਆਂ ਸ਼ਹਾਦਤਾਂ ਨਾਲ ਭਰਿਆ ਪਿਆ ਹੈ। ਰੱਖੜਾ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਸਮੁੱਚੇ ਸੰਸਾਰ ਲਈ ਇੱਕ ਮੀਲ ਪੱਥਰ ਹੈ ਤੇ ਗੁਰੂ ਸਾਹਿਬ ਦੀ 350 ਸਾਲਾ ਸ਼ਤਾਬਦੀ ਮੌਕੇ ‘ਧਰਮ ਬਚਾਓ ਯਾਤਰਾ’ ਰਾਹੀਂ ਘਰ-ਘਰ ਸਿੱਖੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਗ੍ਰੰਥੀ ਗਿਆਨੀ ਪ੍ਰਿਤਪਾਲ ਸਿੰਘ, ਮੁੱਖ ਸੇਵਾਦਾਰ ਮਨਜੀਤ ਸਿੰਘ , ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਭਾਗ ਸਿੰਘ ਤੇ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।