ਕੌਮੀ ਇਨਸਾਫ਼ ਮੋਰਚੇ ਨੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ
ਅੱਜ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਜ਼ਿਲ੍ਹਾ ਪਟਿਆਲੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੋਰਚੇ ਦੇ ਆਗੂਆਂ ਕਿਹਾ ਕਿ ਬੰਦੀ ਸਿੰਘ, ਜੋ ਵੱਖ ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਨੂੰ ਰਿਹਾਅ ਕਰਾਉਣ ਲਈ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ 22 ਜੁਲਾਈ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਈ ਪੰਜਾਬ ਪੱਧਰੀ ਮੀਟਿੰਗ ਦੇ ਪ੍ਰੋਗਰਾਮਾਂ ਨੂੰ ਇੱਥੇ ਲਾਗੂ ਕਰਨ ਲਈ ਮੀਟਿੰਗ ਵਿੱਚ ਸ਼ਾਮਲ ਨੁਮਾਇੰਦਿਆਂ ਨਾਲ ਵਿਚਾਰ ਕਰਨ ਮਗਰੋਂ ਫ਼ੈਸਲੇ ਲਏ ਗਏ। ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ, ਇਸ ਲਈ ਪਟਿਆਲਾ ਦੇ ਪੁੱਡਾ ਗਰਾਊਂਡ ਵਿੱਚ 4 ਅਗਸਤ ਨੂੰ ਇਕੱਠ ਕਰਕੇ ਰੋਸ ਮਾਰਚ ਕਰਦੇ ਹੋਏ ਮਿਨੀ ਸਕੱਤਰੇਤ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਮੁਹਾਲੀ ਵਿੱਚ ਇਕੱਠ ਕੀਤਾ ਜਾ ਰਿਹਾ ਹੈ। ਇਸ ਵਿੱਚ ਪਟਿਆਲਾ ਤੋਂ ਵੱਡੀ ਗਿਣਤੀ ਲੋਕ ਸ਼ਾਮਲ ਹੋਣਗੇ। ਅੱਜ ਦੀ ਮੀਟਿੰਗ ਵਿੱਚ ਅਕਾਲੀ ਦਲ(ਅ) ਵੱਲੋਂ ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਵਾਰਿਸ ਪੰਜਾਬ ਦੇ ਆਗੂ ਸੁਖਬੀਰ ਸਿੰਘ ਬਲਬੇੜਾ, ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਰਣਜੀਤ ਸਿੰਘ ਆਕੜ ਤੇ ਬੀਕੇਯੂ ਸਿੱਧੂਪੁਰ ਤੋਂ ਟਹਿਲ ਸਿੰਘ ਜਲਾਲਪੁਰ ਆਦਿ ਹਾਜ਼ਰ ਸਨ।