ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 1 ਮਈ
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮੀ ਵੈਬੀਨਾਰ ਕਰਵਾਇਆ ਗਿਆ, ਜਿਸ ’ਚ ਵਿਦਵਾਨਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦੀ ਅਜੋਕੇ ਸਮੇਂ ’ਚ ਮਹੱਤਤਾ ’ਤੇ ਚਰਚਾ ਕੀਤੀ ਗਈ। ਵੈਬੀਨਾਰ ਦੌਰਾਨ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਚੱਲਣ ਵਾਲੇ ਸਾਰੇ ਡਿਗਰੀ ਕੋਰਸਾਂ ’ਚ ਸਿੱਖ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਦਾ ਵਿਸ਼ਾ ਲਾਜ਼ਮੀ ਵਿਸ਼ੇ ਦੇ ਤੌਰ ’ਤੇ ਰੱਖਿਆ ਜਾਵੇਗਾ।
ਵੈਬੀਨਾਰ ਦੀ ਸ਼ੁਰੂਆਤ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾਇਰੈਕਟਰ ਯੁਵਕ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਗੁਰੂ ਜੀ ਦੇ ਜੀਵਨ ਸਬੰਧੀ ਵਿਚਾਰਾਂ ਕੀਤੀਆਂ। ਇਸ ਉਪਰੰਤ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਵੈਬੀਨਾਰ ’ਚ ਸ਼ਾਮਲ ਵਿਦਵਾਨਾਂ ਅਤੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੂੰ ਜੀ ਆਇਆਂ ਆਖਿਆ। ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿਸ਼ਵ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਬਲਕਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਵਿਦਿਅਕ ਅਦਾਰਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ।