ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 25 ਅਪਰੈਲ
ਸੂਬੇ ਵਿਚ ਪੈਦਾ ਹੋਏ ਬਿਜਲੀ ਸੰਕਟ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਰਾਜਪੁਰਾ ਪਾਵਰ ਥਰਮਲ ਪਲਾਂਟ ਰਾਜਪੁਰਾ ਵਿਚ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ੍ਰੀ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ਼ ਦੇ ਹੱਥਾਂ ਦੀ ਕਠਪੁਤਲੀ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਮਰਜ਼ੀ ਨਾਲ ਕੋਈ ਫ਼ੈਸਲਾ ਨਹੀਂ ਲੈ ਸਕਦਾ ਸਗੋਂ ਅਰਵਿੰਦ ਕੇਜਰੀਵਾਲ਼ ਵੱਲੋਂ ਜਾਰੀ ਫ਼ਰਮਾਨ ਹੀ ਪੰਜਾਬ ਵਿਚ ਲਾਗੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਥਰਮਲ ਪਲਾਂਟਾਂ ਵਿਚ ਕੋਲਾ ਲਗਪਗ ਖ਼ਤਮ ਹੋ ਚੁੱਕਾ ਹੈ ਅਤੇ ਰਾਜਪੁਰਾ ਥਰਮਲ ਪਾਵਰ ਪਲਾਂਟ ਵਿਚ ਵੀ ਕੁੱਝ ਕੁ ਦਿਨਾਂ ਦਾ ਕੋਲਾ ਬਚਿਆ ਹੈ। ਹਾਲ਼ੇ ਕਣਕ ਦੀ ਵਾਢੀ ਹੀ ਹੋਈ ਹੈ ਅਜੇ ਕਿਸਾਨਾਂ ਨੇ ਝੋਨਾ ਬੀਜਣਾ ਹੈ। ਹੁਣ ਬਿਜਲੀ ਦੇ ਲੰਬੇ ਲੰਬੇ ਕੱਟ ਲਗਣੇ ਸ਼ੁਰੂ ਹੋ ਚੁੱਕੇ ਹਨ, ਝੋਨੇ ਦੀ ਬਿਜਾਈ ਸਮੇਂ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੇ ਮਹੀਨੇ ਵਿਚ ਹੀ ਫ਼ੇਲ੍ਹ ਹੋ ਗਈ ਹੈ।