ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਤੋਂ ਚੌਕਸ ਹੋਣ ਦੀ ਲੋੜ: ਬਲਬੀਰ ਸਿੰਘ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਚੌਕਸ ਕਰਦਿਆਂ ਆਖਿਆ ਹੈ ਕਿ ਕੁੱਝ ਲੋਕ ਸੂਬੇ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਇਸ ਲਈ ਪੰਜਾਬੀਆਂ ਨੂੰ ਅਜਿਹੇ ਲੋਕਾਂ ਤੋਂ ਚੌਕਸ ਰਹਿਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਚਾਇਤ ਭਵਨ ਵਿੱਚ ‘ਅਲਿਮਕੋ’ (ਆਰਟੀਫਿਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੀ 25.51 ਲੱਖ ਰੁਪਏ ਦੀ ਲਾਗਤ ਨਾਲ 231 ਦਿਵਿਆਂਗ ਲਾਭਪਾਤਰੀਆਂ ਲਈ ਸਹਾਇਕ ਉਪਕਰਨ ਵੰਡ ਪ੍ਰੋਗਰਾਮ ਦੌਰਾਨ ਕਿਹਾ ਕਿ ਜਿਹੜੀਆਂ ਪਾਰਟੀਆਂ ਦੇ ਆਗੂਆਂ ਨੇ ਪਹਿਲਾਂ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਸੀ, ਹੁਣ ਉਹੋ ਦੂਜਿਆਂ ਨੂੰ ਨਸੀਹਤਾਂ ਦੇ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ਤੇ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਬੁਰਾਈ ਨੂੰ ਰੋਕਣ ਲਈ ਜਿਹੜੇ ਭਿਖਾਰੀ ਬੱਚਿਆਂ ਤੋਂ ਭੀਖ ਮੰਗਵਾਉਂਦੇ ਹਨ, ਉਨ੍ਹਾਂ ਦਾ ਡੀਐੱਨਏ ਟੈੱਸਟ ਵੀ ਪਟਿਆਲਾ ਵਿੱਚ ਜਲਦ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਰੋਜ਼ਾਨਾ ਜੀਵਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਉਪਕਰਨਾਂ ਆਦਿ ਦੀ ਵੰਡ ਕੀਤੀ ਗਈ ਹੈ। ਇਹ ਉਪਕਰਨ ਏਡੀਆਈਪੀ ਸਕੀਮ ਦੇ ਅਧੀਨ ਅਲਿਮਕੋ ਵੱਲੋਂ ਲਾਭਾਰਥੀਆਂ ਨੂੰ ਵੰਡੇ ਗਏ ਹਨ। ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ, ਅਲਿਮਕੋ ਵੱਲੋਂ ਅਲੋਕ ਸ਼ਾਹੂ ਆਦਿ ਹਾਜ਼ਰ ਸਨ।