ਖੇਤਰੀ ਪ੍ਰਤੀਨਿਧ
ਪਟਿਆਲਾ, 19 ਅਕਤੂਬਰ
ਪਰਾਲੀ ਸਾੜਨ ਦੀ ਰੋਕਥਾਮ ਯਕੀਨੀ ਬਣਾਉਣ ਲਈ ‘ਮੈਗਾ ਜਾਗਰੂਕਤਾ ਮੁਹਿੰਮ’ ਚਲਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਐੱਨਐੱਸਐੱਸ ਵਾਲੰਟੀਅਰਾਂ ਦੀ ਮਦਦ ਨਾਲ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਜੋਤ ਕੌਰ ਨੇ ਵਾਲੰਟੀਅਰਾਂ ਨੂੰ ਪਿੰਡਾਂ ਵਿੱਚ ਜਾ ਕੇ ਪਰਾਲੀ ਨਾ ਸਾੜਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਇਸ ਸਬੰਧੀ ਹੋਰ ਉਪਾਅ ਵਰਤਣ ਲਈ ਪ੍ਰੇਰਿਤ ਕਰਨ ’ਤੇ ਵੀ ਜ਼ੋਰ ਦਿੱਤਾ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ਪਾਲ ਵਿੱਗ ਨੇ ਪਰਾਲੀ ਨੂੰ ਸਾੜਨ ਦੀ ਬਜਾਏ, ਇਸ ਨੂੰ ਖੇਤਾਂ ਵਿਚ ਹੀ ਗਾਲ਼ਣ ਵਾਲ਼ੇ ਢੰਗ ਤਰੀਕੇ ਅਪਣਾਉਣ ’ਤੇ ਜ਼ੋਰ ਦਿੱਤਾ। ਜ਼ਿਲ੍ਹੇ ਮੁੱਖ ਖੇਤੀਬਾੜੀ ਅਫਸਰ ਹਰਿੰਦਰ ਸਿੰਘ ਤੇ ਐੱਨਐੱਸਐੱਸ ਅਫ਼ਸਰ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀ ਕਮਲਜੀਤ ਸਿੰਘ ਸਿੱਧੂ ਨੇ ਵੀ ਇਸ ਮੌਕੇ ਸੰਬੋਧਨ ਕੀਤਾ।
ਪਰਾਲ਼ੀ ਅਤੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਫਸਲੀ ਵਿਭਿੰਨਤਾ ਨੂੰ ਇਕ ਜਰੂਰੀ ਪਹਿਲੂ ਗਰਦਾਨਦਿਆਂ, ਵਾਈਸ ਚਾਂਸਲਰ ਪ੍ਰੋ.ਅਰਵਿੰਦ ਨੇ ਕਿਸਾਨਾ ਨੂੰ ਫਸਲੀ ਵਿਭਿੰਨਤਾ ਪ੍ਰ੍ਰਤੀ ਉਤਸ਼ਾਹਿਤ ਕਰਨ ਲਈ ਰਵਾਇਤੀ ਜਿਣਸਾਂ, ਫਸਲਾਂ ’ਤੇ ਵੀ ਐੱਮਐੱਸਪੀ ਦੇਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਐੱਨਐੱਸਐੱਸ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ,ਬੋਰਡ ਦੇ ਸਾਬਕਾ ਡਿਪਟੀ ਡਾਇਰੈਕਟਰ ਚਰਨਜੀਤ ਸਿੰਘ, ਐਜੂਕੇਸ਼ਨ ਵਿਭਾਗ ਦੇ, ਡਾ. ਕੁਲਦੀਪ ਸਿੰਘ ਸ਼ਾਮਲ ਹੋਏ। ਸਮਾਪਤੀ ’ਤੇ ਵਾਈਸ ਚਾਂਸਲਰ ਵੱਲੋਂ ਹਰੀ ਝੰਡੀ ਦੇ ਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਅਤੇ ਯੂਨੀਵਰਸਿਟੀ ਦੇ ਸਾਰੇ ਕਾਲਜਾਂ ਵੱਲੋਂ ਇਕੋ ਸਮੇਂ ’ਤੇ ਕਾਲਜਾਂ ਦੇ ਨਾਲ ਲੱਗਦੇ ਪਿੰਡਾਂ ਵਿਚ ਰੈਲੀ ਵੀ ਕੱਢੀ ਗਈ।