ਗੁਰੂ ਤੇਗ ਬਹਾਦਰ ਦੀ ਸ਼ਹਾਦਤ ਤੋਂ ਸੇਧ ਲੈਣ ਦੀ ਲੋੜ: ਸੰਧਵਾਂ
ਸ੍ਰੀ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਯੁਵਕ ਭਲਾਈ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਸਮੁੱਚੇ ਸੰਸਾਰ ਦੇ ਇਤਿਹਾਸ ਵਿੱਚ ਇਹ ਸਿੱਖਾਂ ਦੇ ਹਿੱਸੇ ਹੀ ਆਇਆ ਕਿ ਕਿਸੇ ਹੋਰ ਦੇ ਅਕੀਦਿਆਂ ਲਈ ਇਸ ਤਰ੍ਹਾਂ ਦੀ ਅਦੁੱਤੀ ਸ਼ਹਾਦਤ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਆਦਿ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੇ ਅਸਲ ਮਨੋਰਥ ਨੂੰ ਸਮਝਦਿਆਂ ਉਨ੍ਹਾਂ ਤੋਂ ਸੇਧ ਲੈ ਕੇ ਮਾੜੀਆਂ ਸੋਚਾਂ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਦੀ ਅਗਵਾਈ ਵਾਲ਼ੀ ਪੰਜਾਬ ਸਰਕਾਰ ਦਾ ਇਸ ਪੱਖੋਂ ਧੰਨਵਾਦ ਕੀਤਾ ਕਿ ਉਨ੍ਹਾਂ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵੱਡੇ ਪੱਧਰ ’ਤੇ ਸਮਾਗਮ ਉਲੀਕੇ ਹਨ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਇਹ ਇਸ ਲੜੀ ਦਾ ਤੀਜਾ ਸਮਾਗਮ ਹੈ। ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਨਿਵੇਦਿਤਾ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵੱਲੋਂ ਰਚਿਤ ਗੁਰਬਾਣੀ ਦਾ ਕੀਰਤਨ ਕੀਤਾ। ਸਮਾਗਮ ਦੌਰਾਨ ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵੀ ਗੁਰੂ ਸਾਹਿਬ ਦੀ ਬਾਣੀ ਵਿੱਚੋਂ ਸ਼ਬਦ ਗਾਇਨ ਕੀਤਾ ਗਿਆ।