ਪੱਤਰ ਪ੍ਰੇਰਕ
ਦੇਵੀਗੜ੍ਹ, 4 ਅਕਤੂਬਰ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਦੇਵੀਗੜ੍ਹ ਨੇੜੇ ਪਿੰਡ ਗੁੱਥਮੜਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਿਰਕਤ ਕੀਤੀ।
ਕੈਂਪ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਵਾਤਾਵਰਨ ਬਚਾਉਣ ਲਈ ਹੁਣ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਧਰਤੀ ਹੇਠਲਾ ਪਾਣੀ ਬਚਾਉਣ ਤੇ ਜ਼ਹਿਰ ਮੁਕਤ ਖੇਤੀ ਕਰਨ ਲਈ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਖੇਤੀ ਨੂੰ ਤਰਜ਼ੀਹ ਦੇਣ ਤਾਂ ਕਿ ਅਸੀਂ ਧਰਤੀ, ਪਾਣੀ, ਹਵਾ ਅਤੇ ਜਵਾਨੀ ਨੂੰ ਬਚਾ ਸਕੀਏ।
ਕੈਂਪ ਦੀ ਪ੍ਰਧਾਨਗੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਖੇਤੀਬਾੜੀ ਗਤੀਵਿਧੀਆਂ ਸਬੰਧੀ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਵਿਚ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਨਵੀਆਂ ਤਕਨੀਕਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਨੇ ਕਿਸਾਨ ਮੇਲੇ ’ਚ ਪਸ਼ੂ ਪਾਲਣ, ਮੱਛੀ ਪਾਲਣ, ਭੂਮੀ ਰੱਖਿਆ ਆਦਿ ਵਿਭਾਗਾਂ ਤੇ ਮਾਰਕਫੈੱਡ, ਖੇਤੀਬਾੜੀ ਮਸ਼ੀਨਰੀ ਅਤੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ। ਕੈਂਪ ’ਚ ਵਿਸ਼ੇਸ਼ ਮਹਿਮਾਨ ਵਜੋਂ ਐੱਸਡੀਐੱਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ, ਬਲਾਕ ਸਮਿਤੀ ਵਾਈਸ ਚੇਅਰਮੈਨ ਗੁਰਮੀਤ ਸਿੰਘ ਬਿੱਟੂ, ਮਨਿੰਦਰ ਸਿੰਘ ਫਰਾਂਸਵਾਲਾ, ਗੁਰਬਚਨ ਸਿੰਘ ਵਿਰਕ, ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।