ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 15 ਮਾਰਚ
ਹਲਕਾ ਵਿਧਾਇਕ ਨੀਨਾ ਮਿੱਤਲ ਨੇ ਅੱਜ ਤਹਿਸੀਲ ਪੱਧਰੀ ਏ.ਪੀ.ਜੈਨ ਸਿਵਲ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਹਸਪਤਾਲ ਦੇ ਐੱਸਐੱਮਓ ਡਾ. ਜਗਪਾਲ ਇੰਦਰ ਸਿੰਘ ਸਮੇਤ ਹੋਰਨਾਂ ਸਟਾਫ ਮੈਂਬਰਾਂ ਤੋਂ ਹਸਪਤਾਲ ਵਿੱਚ ਸਹੂਲਤਾਂ ਦੀ ਘਾਟ ਤੇ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਘਾਟਾਂ ਦੂਰ ਕਰਨ ਦਾ ਵਿਸ਼ਵਾਸ ਦੁਆਇਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਹਾਲ-ਚਾਲ ਵੀ ਜਾਣਿਆ। ਮੌਕੇ ’ਤੇ ਮੌਜੂਦ ਕਈ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਹਸਪਤਾਲ ਵਿੱਚ ਮੌਜੂਦ ਅਲਟਰਾਸਾਊਂਡ ਅਤੇ ਦਵਾਈਆਂ ਦੀ ਸਹੂਲਤ ਹੋਣ ਦੇ ਬਾਵਜੂਦ ਮਰੀਜ਼ਾਂ ਨੂੰ ਬਾਹਰ ਤੋਂ ਮਹਿੰਗੇ ਭਾਅ ਟੈਸਟ ਕਰਵਾਉਣ ਤੇ ਦਵਾਈਆਂ ਖਰੀਦਣ ਜਾਂ ਫਿਰ ਮਰੀਜ਼ਾਂ ਨੂੰ ਹੋਰਨਾਂ ਹਸਪਤਾਲਾਂ ਵਿੱਚ ਰੈਫਰ ਕਰਨ ਸਬੰਧੀ ਸ਼ਿਕਾਇਤ ਕੀਤੀ।
ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਇਸ ਹਸਪਤਾਲ ਨੂੰ ਰੈਫਰ ਹਸਪਤਾਲ ਨਹੀਂ ਬਣਨ ਦਿੱਤਾ ਜਾਵੇਗਾ। ਹਸਪਤਾਲ ਵਿੱਚ ਹਰ ਸਮੇਂ ਐਮਰਜੈਂਸੀ ਡਾਕਟਰੀ ਸੇਵਾਵਾਂ ਅਤੇ ਦਵਾਈਆਂ ਉਪਲੱਬਧ ਕਰਵਾਈਆਂ ਜਾਣਗੀਆਂ। ਨਰਸ ਯੂਨੀਅਨ ਦੀ ਪ੍ਰਧਾਨ ਇੰਦਰਰੂਪ ਕੌਰ ਨੇ ਐਮਰਜੈਂਸੀ ਸੇਵਾਵਾਂ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਵਿਧਾਇਕ ਨੂੰ ਜਾਣੂ ਕਰਵਾਇਆ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰਵੀਨ ਛਾਬੜਾ, ਐਡਵੋਕੇਟ ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਧਮੌਲੀ, ਐਡਵੋਕੇਟ ਰਜੇਸ਼ ਬਾਵਾ, ਸ਼ਾਮ ਸੁੰਦਰ ਵਧਵਾ ਅਤੇ ਸੰਦੀਪ ਧੀਮਾਨ ਸਮੇਤ ਹੋਰ ਆਗੂ ਵੀ ਮੌਜੂਦ ਸਨ।