ਗੁਰਨਾਮ ਸਿੰਘ ਅਕੀਦਾ
ਪਟਿਆਲਾ, 20 ਅਕਤੂਬਰ
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਡਾ. ਇੰਦਰਬੀਰ ਸਿੱਘ ਨਿੱਝਰ ਅਤੇ ਲਾਲ ਚੰਦ ਕਟਾਰੂਚੱਕ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਮੈਦਾਨਾਂ ਵਿੱਚ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਗਏ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦੇ ਅੱਜ ਆਖਰੀ ਦਿਨ ਟੂਰਨਾਮੈਂਟ ’ਚ ਸ਼ਿਰਕਤ ਕੀਤੀ। ਉਨ੍ਹਾਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਤਗ਼ਮੇ ਵੰਡੇ। ਖੁਰਾਕ ਤੇ ਸਿਵਲ ਸਪਲਾਈ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਮੱਥੇ ’ਤੇ ਉੱਡਤਾ ਪੰਜਾਬ ਅਤੇ ਨਸ਼ਿਆਂ ਵਰਗੇ ਲੱਗੇ ਦਾਗ ਧੋਣ ਲਈ ਖੇਡਾਂ ਵਤਨ ਪੰਜਾਬ ਦੀਆਂ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਖੇਡਾਂ ਦੇ ਮਾਮਲੇ ਵਿੱਚ ਲੰਬੇ ਸਮੇਂ ਤੋਂ ਆ ਚੁੱਕੀ ਖੜ੍ਹੋਤ ਨੂੰ ਤੋੜ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸ਼ਰੀਰਕ ਤੇ ਆਰਥਿਕ ਪੱਖੋਂ ਸਿਹਤਮੰਦ ਬਣਾਇਆ ਜਾ ਰਿਹਾ ਹੈ। ਉੱਧਰ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੱਘ ਨਿੱਝਰ ਨੇ ਆਸ ਪ੍ਰਗਟਾਈ ਕਿ ਸਾਡੇ ਪੰਜਾਬ ਦੇ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਤੋਂ ਅੱਗੇ ਜਾ ਕੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਵੀ ਨਾਮਣਾ ਖੱਟਣਗੇ।