ਖੇਤਰੀ ਪ੍ਰਤੀਨਿਧ
ਪਟਿਆਲਾ, 21 ਮਈ
ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ। ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਜ਼ਿਲ੍ਹੇ ’ਚ ਬਿਹਤਰ ਹੋਏ ਲਿੰਗ ਅਨੁਪਾਤ ’ਤੇ ਖੁਸ਼ੀ ਪ੍ਰਗਟਾਉਂਦਿਆਂ ਡਿਪਟੀ ਕਮਿਸਨਰ ਕਿਹਾ ਕਿ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮਿਸ਼ਨ ਤਹਿਤ ਜ਼ਿਲ੍ਹੇ ’ਚ 1000 ਲੜਕਿਆਂ ਪਿੱਛੇ ਲੜਕੀਆਂ ਦੀ ਗਿਣਤੀ 1031 ਹੋ ਗਈ ਹੈ, ਜੋ ਸੂਬੇ ’ਚ ਸਭ ਤੋਂ ਜ਼ਿਆਦਾ ਹੈ ਤੇ ਦੇਸ਼ ’ਚ ਅੱਠਵੇਂ ਸਥਾਨ ’ਤੇ ਹੈ।
ਡਿਪਟੀ ਕਮਿਸ਼ਨਰ ਨੇ ਜਣਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ, ਜਣਨੀ ਸੁਰੱਖਿਆ ਯੋਜਨਾ ਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲਾਂ ’ਚ ਰੈੱਡ ਕਰਾਸ ਸੁਸਾਇਟੀ ਦਾ ਨੰਬਰ ਜ਼ਰੂਰ ਲਿਖਿਆ ਜਾਵੇ।