ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 29 ਅਪਰੈਲ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਾਧਾਰੀਆਂ ਤੋਂ ਮੁਕਤ ਕਰਵਾਇਆ ਜਾਵੇਗਾ। ਭਾਵੇਂ ਇਹ ਕਬਜ਼ਾਧਾਰੀ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਣ।
ਇੱਥੋਂ ਦੇ ਮਿਨੀ ਸਕੱਤਰੇਤ ਵਿੱਚ ਧਾਲੀਵਾਲ ਨੇ ਐੱਸ.ਡੀ.ਐੱਮ ਰਾਜਪੁਰਾ ਸੰਜੀਵ ਕੁਮਾਰ, ਬੀ.ਡੀ.ਪੀ.ਓ ਅਮਨਪ੍ਰੀਤ ਕੌਰ, ਤਹਿਸੀਲਦਾਰ ਨਵਪ੍ਰੀਤ ਸਿੰਘ ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਆਦੇਸ਼ ਦਿੱਤੇ ਕਿ ਹਲਕਾ ਰਾਜਪੁਰਾ ਦੇ ਪਿੰਡ ਹੂਲਕਾ ਦੀ 30 ਏਕੜ ਪੰਚਾਇਤੀ ਜ਼ਮੀਨ ਜਿਸ ’ਤੇ ਰਸੂਖਵਾਨ ਪਰਿਵਾਰਾਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਨਾਜਾਇਜ਼ ਕਬਜ਼ਾਧਾਰੀਆਂ ਤੋਂ ਮੁਕਤ ਕਰਵਾਇਆ ਜਾਵੇਗਾ। ਧਾਲੀਵਾਲ ਨੇ ਪੰਜਾਬ ਭਰ ਵਿੱਚ ਪੰਚਾਇਤੀ ਜ਼ਮੀਨਾਂ ਉਪਰ ਕਾਬਜ਼ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੇ ਜਿਹੜੀਆਂ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਹ ਖੁਦ ਹੀ ਇਨ੍ਹਾਂ ਜ਼ਮੀਨਾਂ ਨੂੰ ਛੱਡ ਦੇਣ, ਨਹੀਂ ਤਾਂ ਸਰਕਾਰ ਵੱਲੋਂ ਕਾਨੂੰਨੀ ਕਾਰਵਾਈ ਰਾਹੀਂ ਨਾਜਾਇਜ਼ ਕਬਜ਼ੇ ਛੁਡਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਹੂਲਕਾ ਸਮੇਤ ਹੋਰਨਾਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਅਗਲੇ ਹਫਤੇ ਮੁੜ ਮੀਟਿੰਗ ਕੀਤੀ ਜਾਵੇਗੀ।