ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਅਗਵਾਈ ਹੇਠ ਦਫ਼ਤਰੀ ਮੁਲਾਜ਼ਮਾਂ ਦੀ ਚੱਲ ਰਹੀ ਕਲਮਛੋੜ ਹੜਤਾਲ ਕਾਰਨ ਸਮੁੱਚਾ ਦਫ਼ਤਰੀ ਕੰਮਕਾਜ ਅੱਜ 11ਵੇਂ ਦਿਨ ਵੀ ਮੁਕੰਮਲ ਰੂਪ ਵਿਚ ਠੱਪ ਰਿਹਾ। ਹੜਤਾਲੀ ਦਫ਼ਤਰੀ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਰੋਸ ਰੈਲੀ ਦੌਰਾਨ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੈਨਲ ਮੀਟਿੰਗ ਦਾ ਸਮਾਂ ਦੇ ਕੇ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਕਲਮਛੋੜ ਹੜਤਾਲ ਦਾ ਸੰਘਰਸ਼ ਜਾਰੀ ਰਹੇਗਾ ਅਤੇ ਸਮੁੱਚਾ ਦਫ਼ਤਰੀ ਕੰਮਕਾਜ ਮੁਕੰਮਲ ਰੂਪ ’ਚ ਠੱਪ ਰਹੇਗਾ ਅਤੇ ਭਲਕੇ 21 ਅਕਤੂਬਰ ਨੂੰ ਸ਼ਹਿਰਾਂ ਵਿਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਜਾਵੇਗਾ।
ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅੱਜ ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿੱਚ ਇਕੱਠੇ ਹੋਏ ਜਿੱਥੇ ਰੋਸ ਰੈਲੀ ਕਰਦਿਆਂ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਤੋਂ ਇਲਾਵਾ ਜ਼ਿਲ੍ਹਾ ਪ੍ਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾਂ, ਪ੍ਰੈੱਸ ਸਕੱਤਰ ਅਨੁਜ ਸ਼ਰਮਾ ਆਦਿ ਨੇ ਸੰਬੋਧਨ ਕਰਦਿਆਂ ਸਰਕਾਰ ਦੀ ਤਿੱਖੇ ਸ਼ਬਦਾਂ ਵਿੱਚ ਅਲੋਚਨਾ ਕੀਤੀ। ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਸ਼ਮੂਲੀਅਤ ਕਰ ਕੇ ਭਰੋਸਾ ਦਿੱਤਾ ਗਿਆ ਸੀ ਕਿ ‘ਆਪ’ ਦੀ ਸਰਕਾਰ ਬਣਨ ’ਤੇ ਇੱਕ ਮਹੀਨੇ ਦੇ ਅੰਦਰ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ ਪਰ ਅੱਜ ਕਰੀਬ ਸੱਤ ਮਹੀਨੇ ਬੀਤਣ ਤੋਂ ਬਾਅਦ ਵੀ ਸਰਕਾਰ ਵੱਲੋਂ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਤੇ ਨਾ ਹੀ ਯੂਨੀਅਨ ਨਾਲ ਰਾਬਤਾ ਕਰ ਕੇ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ। ਇਸ ਦੇ ਰੋਸ ਵਜੋਂ ਸੂਬਾ ਕਮੇਟੀ ਵੱਲੋਂ ਕਲਮਛੋੜ ਹੜਤਾਲ ਹੁਣ 25 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਪ੍ਰੈੱਸ ਸਕੱਤਰ ਅਨੁਜ ਸ਼ਰਮਾ ਨੇ ਦੱਸਿਆ ਕਿ ਸੰਘਰਸ਼ ਦੀ ਲੜੀ ਤਹਿਤ ਭਲਕੇ 21 ਅਕਤੂਬਰ ਨੂੰ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਰੋਸ ਮਾਰਚ ਕੀਤਾ ਜਾਵੇਗਾ।