ਪਟਿਆਲਾ: ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪੰਜ ਪਿਆਰਿਆਂ ਪਾਸੋਂ 50 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਹਾਸਲ ਕੀਤੀ। ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅੰਮ੍ਰਿਤ ਸਬੰਧੀ ਸੰਗਤ ਨੂੰ ਗਿਆਨ ਪ੍ਰਦਾਨ ਕੀਤਾ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ’ਚ ਬਜ਼ੁਰਗ, ਔਰਤਾਂ, ਨੌਜਵਾਨ ਅਤੇ ਬੱਚੇ ਵੀ ਸ਼ਾਮਲ ਸਨ। ਇਸ ਮੌਕੇ ਮੈਨੇਜਰ ਨੱਥਾ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਵਿਰਕ, ਭਾਈ ਅਜਮੇਰ ਸਿੰਘ ਅਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ