ਖੇਤਰੀ ਪ੍ਰਤੀਨਿਧ
ਪਟਿਆਲਾ, 21 ਅਕਤੂਬਰ (ਖੇਤਰੀ ਪ੍ਰਤੀਨਿਧ)
ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਅਤੇ ਅਰਧ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਇਥੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸਬੰਧੀ ਇਥੇ ਪੁਲੀਸ ਲਾਈਨ ਵਿਖੇ ਐਸਐਸਪੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਪੁਲੀਸ ਦੇਸ਼ ਵਿਰੋਧੀ ਤਾਕਤਾਂ ਦਾ ਮੂੰਹ ਤੋੜ ਜਵਾਬ ਦੇਣ ਅਤੇ ਆਪਣੇ ਸੂਬੇ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਉਨ੍ਹਾਂ ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿੱਤਰ ਯਾਦ ’ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ ’ਤੇ ਘਾਤ ਲਗਾ ਕੇ ਹਮਲਾ ਕਰਨ ਕਰਕੇ ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦੀਆਂ ਪਾ ਗਏ ਸਨ। ਐਸਪੀ (ਐਚ) ਹਰਕਮਲ ਕੌਰ ਅਤੇ ਡੀਐਸਪੀ (ਐਚ) ਗੁਰਦੇਵ ਧਾਲ਼ੀਵਾਲ ਦੀ ਨਿਗਰਾਨੀ ਹੇਠਲੇ ਜ਼ਿਲ੍ਹ੍ਵਾ ਪੱਧਰੇ ਇਸ ਸਮਾਗਮ ਨੂੰ ਸੰਬੋਧਨ ਦੌਰਾਨ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਕਰਕੇ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ। ਇਸ ਮੌਕੇ ਆਈ.ਜੀ ਅਤੇ ਐਸਐਸਪੀ ਸਮੇਤ ਡਿਪਟੀ ਕਮਿਸ਼ਨਰ ਸੰਦੀਪ ਹੰਸ, ਮੇਅਰ ਸੰਜੀਵ ਸ਼ਰਮਾ ਬਿੱਟੂ, ਵਧੀਕ ਸੈਸ਼ਨਜ ਜੱਜ ਰਣਜੀਤ ਜੈਨ ਤੇ ਹਰੀ ਸਿੰਘ ਗਰੇਵਾਲ ਆਦਿ ਨੇ ਸ਼ਹੀਦਾਂ ਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਡੀ.ਐਸ.ਪੀ. ਮੋਹਿਤ ਅਗਰਵਾਲ ਦੀ ਅਗਵਾਈ ਹੇਠਲੀ ਪੁਲੀਸ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ।
ਪਟਿਆਲਾ ਦੇ ਐਸ.ਪੀ. (ਸਥਾਨਕ) ਹਰਕਮਲ ਕੌਰ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲੀਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਬਾਅਦ ’ਚ ਆਈ.ਜੀ. ਅਤੇ ਐਸ.ਐਸ.ਪੀ. ਨੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ। ਡੀਐਸਪੀ (ਐਚ) ਗੁਰਦੇਵ ਸਿੰਘ ਧਾਲ਼ੀਵਾਲ ਨੇ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਪੁਲੀਸ ਵੱਲੋਂ ਸ਼ਹੀਦਾਂ ਦੀ ਯਾਦ ’ਚ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐਸ.ਪੀਜ. ਡਾ. ਮਹਿਤਾਬ ਸਿੰਘ, ਕੇਸਰ ਸਿੰਘ ਧਾਲੀਵਾਲ, ਹਰਕਮਲ ਕੌਰ ਤੇ ਪਲਵਿੰਦਰ ਚੀਮਾ, ਡੀ.ਐਸ.ਪੀ.ਗੁਰਦੇਵ ਧਾਲੀਵਾਲ ਆਦਿ ਨੇ ਸ਼ਹੀਦਾਂ ਦੀਆਂ ਤਸਵੀਰਾਂ ’ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਮੌਕੇ ਕਈ ਸਾਬਕਾ ਅਧਿਕਾਰੀ ਵੀ ਮੌਜੂਦ ਸਨ।
ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕਰਦੇ ਹੋਏ ਆਈ.ਜੀ. ਮੁਖਵਿੰਦਰ ਛੀਨਾ, ਐਸਐਸਪੀ ਹਰਚਰਨ ਭੁੱਲਰ ਤੇ ਹੋਰ।