ਸੂਚੀ ਜਨਤਕ ਕਰਨ ’ਚ ਦੇਰੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਦੇਰ ਰਾਤ ਧਰਨਾ
ਬਲਾਕ ਸਮਿਤੀ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਲਈ ਚੋਣ ਮੈਦਾਨ ਵਿੱਚ ਨਿਤਰੇ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਦੀ ਸੂਚੀ ਦੇਰ ਰਾਤ ਤੱਕ ਨਸ਼ਰ ਨਾ ਕੀਤੇ ਜਾਣ ਨੂੰ ਲੈ ਕੇ ਸਮੁੱਚੀਆਂ ਵਿਰੋਧੀ ਪਾਰਟੀਆਂ ਨੇ ਐੱਸ.ਡੀ.ਐੱਮ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਹ ਭਰਪੂਰ ਧਰਨਾ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ, ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਅਤੇ ਸੀਨੀਅਰ ਕਾਂਗਰਸੀ ਆਗੂ ਨਛੱਤਰ ਸਿੰਘ ਅਰਾਈ ਮਾਜਰਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਉੱਤੇ ਹਾਕਮ ਧਿਰ ਦੇ ਹੱਥਾਂ ਵਿੱਚ ਖੇਡਣ ਦੇ ਦੋਸ਼ ਲਗਾਏ।
ਸੂਚੀ ਵਿੱਚ ਜਾਣ ਬੁਝ ਕੇ ਕੀਤੀ ਜਾ ਰਹੀ ਦੇਰੀ ਨੂੰ ਲੈ ਕੇ ਆਗੂਆਂ ’ਚ ਗੁੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਕਰਵਾਈਆਂ ਨਹੀਂ ਸਗੋਂ ਲੁੱਟਣ ਦੀਆਂ ਕੋਸ਼ਿਸ਼ਾਂ ਹਨ।
ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਦੁਪਹਿਰ 3 ਵਜੇ ਤੱਕ ਕੀਤੀ ਜਾਣੀ ਸੀ ਪਰ ਬਦਕਿਸਮਤੀ ਦੀ ਗੱਲ ਹੈ ਕਿ ਪਾਤੜਾਂ ਦੇ ਪ੍ਰਸ਼ਾਸਨ ਵੱਲੋਂ ਰਾਤ 8 ਵਜੇ ਤੱਕ ਵੀ ਕੋਈ ਸੂਚੀ ਜਨਤਕ ਨਹੀਂ ਕੀਤੀ ਗਈ। ਜਿਸ ਕਰਕੇ ਚੋਣ ਲੜ ਰਹੇ ਉਮੀਦਵਾਰਾਂ ਦੇ ਨਾਲ ਨਾਲ ਪਾਰਟੀਆਂ ਦੇ ਵਰਕਰਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ੁਤਰਾਣਾ ਵਿੱਚ ਚੋਣ ਮੈਦਾਨ ਵਿੱਚ ਨਿਤਰੇ ਉਮੀਦਵਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਲਗਾਈ ਹੋਈ ਹੈ ਤੇ ਦਫਤਰ ਦੇ ਗੇਟ ਬੰਦ ਕਰਕੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਲੋਕ ਅੰਦਰ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਪਾਤੜਾਂ ਦੇ ਔਰਤਾਂ ਲਈ ਰਿਜ਼ਰਵ ਜ਼ੋਨਾਂ ਉੱਤੋਂ ਚੋਣ ਲੜ ਰਹੇ ਔਰਤ ਉਮੀਦਵਾਰਾਂ ਨੂੰ ਜਾਣ ਬੁਝ ਕੇ ਪਰੇਸ਼ਾਨ ਕੀਤਾ ਜਾ ਰਿਹਾ। ਖ਼ਬਰ ਲਿਖੇ ਜਾਣ ਤੱਕ ਧਰਨਾ ਲਗਾਤਾਰ ਜਾਰੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸੀ ਆਗੂ ਦਲੇਰ ਸਿੰਘ ਹਰਿਆਊ, ਜ਼ਿਲ੍ਹਾ ਪਰਿਸ਼ਦ ਉਮੀਦਵਾਰ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ, ਨਿਰਮਲ ਸਿੰਘ ਪੰਨੂ, ਬਿਕਰਮਜੀਤ ਸਿੰਘ ਅਰਨੋਂ, ਸਿਕੰਦਰ ਸਿੰਘ ਦੁਤਾਲ, ਸੀਨੀਅਰ ਅਕਾਲੀ ਆਗੂ ਜੋਗਾ ਸਿੰਘ ਸਿੱਧੂ, ਸੁਰਜੀਤ ਸਿੰਘ ਮਾਹਲ ਅਤੇ ਭਾਜਪਾ ਆਗੂ ਨਿਰੰਕਾਰ ਸਿੰਘ ਸ਼ੁਤਰਾਣਾ ਆਦਿ ਹਾਜ਼ਰ ਸਨ।
