ਖੇਤਰੀ ਪ੍ਰਤੀਨਿਧ
ਪਟਿਆਲਾ, 8 ਜਨਵਰੀ
ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਮਾਂ ਸਾਰਣੀ ਐਲਾਨੇ ਜਾਣ ਨਾਲ ਜ਼ਿਲ੍ਹਾ ਪਟਿਆਲਾ ’ਚ ਵੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਐੱਸਐੱਸਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰਾਂ ਗੌਤਮ ਜੈਨ ਤੇ ਗੁਰਪ੍ਰੀਤ ਥਿੰਦ ਸਣੇ ਸਾਰੇ ਰਿਟਰਨਿੰਗ ਅਫ਼ਸਰਾਂ ਤੇ ਹੋਰ ਅਧਿਕਾਰੀਆਂ ਨਾਲ ਕੀਤੀ ਗਈ ਵੀਡੀਓ ਕਾਨਫ਼ਰੰਸ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਸਿਆਸੀ ਪਾਰਟੀਆਂ ਤੇ ਸੰਭਾਵੀ ਉਮੀਦਵਾਰਾਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸਨਰ ਨੇ ਦੱਸਿਆ ਕਿ 14 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਲਈ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ’ਚ 15,03,544 ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਸਕਣਗੇ। ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ 1788 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ 15 ਜਨਵਰੀ ਤੱਕ ਸਿਆਸੀ ਰੈਲੀਆਂ, ਇਕੱਠਾਂ ਉੱਤੇ ਮੁਕੰਮਲ ਪਾਬੰਦੀ ਰਹੇਗੀ। ਸਿਆਸੀ ਪ੍ਰਚਾਰ ਲਈ ਲਗਾਏ ਗਏ ਹੋਰਡਿੰਗ, ਫਲੈਕਸ, ਬੈਨਰ ਤੇ ਪੋਸਟਰ ਤੁਰੰਤ ਹਟਾਉਣ ਦੀ ਤਾਕੀਦ ਵੀ ਕੀਤੀ। ਨਗਰ ਨਿਗਮ ਸਣੇ ਸਮੂਹ ਕਾਰਜਸਾਧਕ ਅਫ਼ਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।