ਸਰਕਾਰ ਵੱਲੋਂ ਮੰਗਾਂ ਮੰਨਣ ਦੇ ਦਿੱਤੇ ਗਏ ਭਰੋਸੇ ਦੀ ਮੰਗਲਵਾਰ ਤੱਕ ਕੀਤੀ ਜਾਵੇਗੀ ਉਡੀਕ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਅਕਤੂਬਰ
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਮੁੱਖ ਚੌਂਕ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਅੱਜ 42ਵੇਂ ਦਿਨ ਮੋਰਚਾ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਿੱਖਿਆ ਮੰਤਰੀ ਬਦਲ ਗਿਆ ਹੈ, ਹੁਣ ਇਥੇ ਬੈਠਣ ਦਾ ਕੋਈ ਫਾਇਦਾ ਨਹੀਂ। ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਪੰਜ ਹਜ਼ਾਰ ਪੀਟੀਆਈ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਾ ਕੀਤਾ ਤਾਂ ਅਗਲੇ ਪੱਕੇ ਮੋਰਚੇ ਦਾ ਸਥਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਖਰੜ ਜਾਂ ਨਵੇਂ ਸਿੱਖਿਆ ਮੰਤਰੀ ਦੀ ਰਿਹਾਇਸ਼ ਜਲੰਧਰ ਵਿਖੇ ਹੋਵੇਗਾ।
ਯੂਨੀਅਨ ਦੇ ਸੂਬਾਈ ਆਗੂ ਜਸਵੀਰ ਸਿੰਘ ਘਲੋਟੀ ਨੇ ਕਿਹਾ ਕਿ ਬੀਤੀ 22 ਅਗਸਤ ਤੋਂ ਬੇਰੁਜ਼ਗਾਰ ਪੀਟਆਈ ਅਧਿਆਪਕਾਂ ਵਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇਥੇ ਪੱਕਾ ਮੋਰਚਾ ਲਗਾਇਆ ਸੀ ਪਰ ਸਿਵਾਏ ਸਰਕਾਰੀ ਭਰੋਸਿਆਂ ਤੋਂ ਕੁੱਝ ਪੱਲ੍ਹੇ ਨਹੀਂ ਪਿਆ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਹੋਈ ਸੀ ਤੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਹਫ਼ਤੇ ਵਿੱਚ ਮੰਗਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਲਵਾਰ ਤੱਕ ਸਰਕਾਰ ਵੱਲੋਂ ਦਿੱਤੇ ਭਰੋਸੇ ਦੀ ਉਡੀਕ ਕਰਨਗੇ।
ਨਵੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਮੰਗ
ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਮੰਗ ਕੀਤੀ ਕਿ ਪੰਜ ਹਜ਼ਾਰ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਪ੍ਰਾਇਮਰੀ ਤੋਂ ਮਿਡਲ ਤੱਕ ਸਾਰੇ ਸਕੂਲਾਂ ’ਚ ਪੀਟੀਆਈ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ, ਸਰੀਰਕ ਸਿੱਖਿਆ ਦਾ ਵਿਸ਼ਾ ਹਰ ਜਮਾਤ ਲਈ ਲਾਜ਼ਮੀ ਕੀਤਾ ਜਾਵੇ ਅਤੇ ਖੇਡਾਂ ਦੇ ਪੱਧਰ ਨੂੰ ਉਚਾ ਚੁੱਕਣ ਲਈ ਸਰੀਰਕ ਸਿੱਖਿਆ ਅਧਿਆਪਕ ਭਰਤੀ ਕੀਤੇ ਜਾਣ। ਇਸੇ ਦੌਰਾਨ ਯੂਨੀਅਨ ਦੇ ਸੂਬਾਈ ਆਗੂ ਅਮਨਦੀਪ ਕੰਬੋਜ਼ ਨੇ ਐਲਾਨ ਕੀਤਾ ਕਿ 6 ਅਕਤੂਬਰ ਨੂੰ ਖਰੜ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿਚ ਪੰਜਾਬ ਭਰ ਤੋਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਸ਼ਮੂਲੀਅਤ ਕਰਨਗੇ।
ਫੋਟੋ: ਸੰਗਰੂਰ ਦੇ ਮੁੱਖ ਚੌਂਕ ’ਚੋਂ ਸਾਮਾਨ ਸਮੇਟਦੇ ਹੋਏ ਬੇਰੁਜ਼ਗਾਰ ਪੀਟੀਆਈ ਅਧਿਆਪਕ। -ਫੋਟੋ: ਲਾਲੀ