ਬੇਮਿਆਦੀ ਹੜਤਾਲ ਦਾ ਚੌਥਾ ਦਿਨ: ਸਿਸ਼ਵਾ ਫਾਰਮ ਦਾ ਘਿਰਾਓ ਕਰਨ ਦਾ ਕੀਤਾ ਐਲਾਨ; ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਲਾਇਆ ਦੋਸ਼
ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਬੇਮਿਆਦੀ ਹੜਤਾਲ ਦੇ ਚੌਥੇ ਦਿਨ ਕਰੀਬ ਚਾਰ ਘੰਟੇ ਸਥਾਨਕ ਬੱਸ ਅੱਡਾ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਬੱਸ ਅੱਡੇ ਦੇ ਦੋਵੇਂ ਮੁੱਖ ਗੇਟ ਬੰਦ ਕੀਤੇ ਗਏ ਸਨ ਜਿਸ ਕਾਰਨ ਕੋਈ ਵੀ ਬੱਸ ਅੰਦਰ ਦਾਖਲ ਨਹੀਂ ਹੋ ਸਕੀ। ਪ੍ਰਦਰਸ਼ਨਕਾਰੀ ਕੱਚੇ ਮੁਲਾਜ਼ਮਾਂ ਨੇ ਭਲਕੇ 10 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸਿਸ਼ਵਾ ਫਾਰਮ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਸੁਖਜਿੰਦਰ ਸਿੰਘ, ਲਖਵਿੰਦਰ ਸਿੰਘ ਬਿੱਟੂ, ਪਰਮਿੰਦਰ ਸਿੰਘ ਟਿੱਬਾ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ 8 ਸਤੰਬਰ ਦੀ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮ ਸੰਘਰਸ਼ ਕਰਦੇ ਆ ਰਹੇ ਹਨ ਪਰੰਤੂ ਸਰਕਾਰ ਵਲੋਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ। ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਟਰਾਂਸਪੋਰਟ ਮਾਫ਼ੀਆ ਖਤਮ ਕੀਤਾ ਜਾਵੇਗਾ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰੰਤੂ ਇਹ ਵਾਅਦੇ ਵਫ਼ਾ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਲਕੇ 10 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸਿਸ਼ਵਾ ਫਾਰਮ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੰਗਾਂ ਦਾ ਹੱਲ ਨਾ ਹੋਣ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਰੋਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਹਰਿਆਣਾ ਰੋਡਵੇਜ ਦੀਆਂ ਸਮੂਹ ਜਥੇਬੰਦੀਆਂ ਅਤੇ ਸੀ ਟੀ ਯੂ ਦੀਆਂ ਸਮੂਹ ਜਥੇਬੰਦੀਆਂ ਅਤੇ ਵਿਦਿਆਰਥੀ ਜੱਥੇਬੰਦੀ ਵੱਲੋਂ ਪੂਰੇ ਸਮਰਥਨ ਦਾ ਐਲਾਨ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਰਣਦੀਪ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਯੋਗਰਾਜ ਸਿੰਘ, ਕੁਲਦੀਪ ਬੱਬਨਪੁਰੀਆ ਆਦਿ ਨੇ ਵੀ ਇਸ ਮੌਕੇ ਸੰਬੋਧਨ ਕੀਤਾ।
ਸੰਗਰੂਰ ’ਚ ਹੜਤਾਲ ਦੇ ਚੌਥੇ ਦਿਨ ਬੱਸ ਅੱਡੇ ’ਚ ਰੋਸ ਧਰਨਾ ਦਿੰਦੇ ਹੋਏ ਪੀਆਰਟੀਸੀ ਦੇ ਕੱਚੇ ਮੁਲਾਜ਼ਮ।