ਖੇਤਰੀ ਪ੍ਰਤੀਨਿਧ
ਪਟਿਆਲਾ, 2 ਅਗਸਤ
ਗੁਰੂ ਤੇਗ ਬਹਾਦਰ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਅੱਜ ਸੰਗਤ ਵੱਲੋਂ ਪੰਚਮੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰੇ ਦੇ ਕਿਵਾੜ ਖੁੱਲ੍ਹਣ ਮਗਰੋਂ ਸੰਗਤ ਦਰਬਾਰ ਸਾਹਿਬ ’ਚ ਨਤਮਸਕਤ ਹੋਈ ਅਤੇ ਸ਼ਬਦ ਗੁਰੂ ਨਾਲ ਸਾਂਝ ਪਾਈ। ਇਸ ਤੋਂ ਪਹਿਲਾਂ ਸੰਗਤ ਨੇ ਸਰੋਵਰ ’ਚ ਇਸ਼ਨਾਨ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਸੰਗਤ ਨੂੰ ਕਥਾ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਕਰਵਾਈ। ਸ਼ਮਸ਼ੇਰ ਸਿੰਘ ਨੀਲੋਪੁਲ, ਗੁਰਦਿਆਲ ਸਿੰਘ ਸਨੌਰ, ਗੁਰਪਿਆਰ ਸਿੰਘ ਜੌਹਰ, ਰਵਿੰਦਰ ਸਿੰਘ ਪਿਲਖਣੀ ਤੇ ਹਰਮੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਕਵੀਸ਼ਰੀ ਸੁਣਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਜੋਕੀ ਪੀੜ੍ਹੀ ਨੂੰ ਆਪਣੇ ਗੁਰਮਤਿ ਸੱਭਿਆਚਾਰ ਅਤੇ ਸਿਧਾਂਤ ਨਾਲ ਜੁੜਨ ’ਤੇ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ’ਤੇ ਜੀਐੱਸਟੀ ਲਗਾਏ ਜਾਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਕੌਮ ’ਤੇ ਅਸਿੱਧੇ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ ਜੋ ਨਾ ਸਹਿਣਯੋਗ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜੀਐੱਸਟੀ ਵਰਗੇ ਫ਼ੈਸਲੇ ਤੁਰੰਤ ਵਾਪਸ ਲੈਣੇ ਚਾਹੀਦੇ ਹਨ। ਇਸ ਮੌਕੇ ਮੈਨੇਜਰ ਜਰਨੈਲ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ਼ ਅਤੇ ਪ੍ਰਬੰਧਕ ਆਦਿ ਹਾਜ਼ਰ ਸਨ।