ਖੇਤਰੀ ਪ੍ਰਤੀਨਿਧ
ਪਟਿਆਲਾ, 14 ਮਾਰਚ
ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਨਗਰ ਕੌਂਸਲ ਸਨੌਰ ਦਾ ਦੌਰਾ ਕਰਕੇ ਕੌਂਸਲ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਰਿਕਾਰਡ ਦੀ ਛਾਣ-ਬੀਣ ਕੀਤੀ। ਇਸ ਮਗਰੋਂ ਕੌਂਸਲ ਦੀ ਟੀਮ ਨੂੰ ਨਾਲ ਲੈ ਕੇ ਉਨ੍ਹਾਂ ਨੇ ਵਿਕਾਸ ਕਾਰਜਾਂ ਦੀ ਪੜਤਾਲ ਕੀਤੀ ਅਤੇ ਕੌਂਸਲ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ’ਚ ਪੂਰੀ ਪਾਰਦਸ਼ਤਾ ਲਿਆਉਣ ’ਤੇ ਵੀ ਜ਼ੋਰ ਦਿੱਤਾ। ਵਿਧਾਇਕ ਪਠਾਣਮਾਜਰਾ ਦਾ ਕਹਿਣਾ ਸੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਲੋਕਾਂ ਦੇ ਕੰਮਾਂ ਨੂੰ ਅਣਗੌਲਿਆ ਨਾ ਕੀਤਾ ਜਾਵੇ ਅਤੇ ਕੌੌਂਸਲ ਦੇ ਦਫਤਰ ਪਹੁੰਚਣ ਵਾਲੇ ਹਰ ਵਿਅਕਤੀ ਦੀ ਸ਼ਿਕਾਇਤ ’ਤੇ ਕੰਮਾਂ ਨੂੰ ਸੁਣ ਕੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
ਵਿਧਾਇਕ ਪਠਾਣਮਾਜਰਾ ਨੇ ਕਸਬੇ ਦੇ ਸੀਵਰੇਜ ਸਬੰਧੀ ਸ਼ਿਕਾਇਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਚੋਣਾਂ ਦੌਰਾਨ ਸੀਵਰੇਜ ਦੀ ਸਮੱਸਿਆ ਸਬੰਧੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਉਨ੍ਹਾਂ ਕਿਹਾ ਕਿ ਉਨ੍ਹਾਂ ਸਨੌਰ ਵਾਸੀਆਂ ਨਾਲ ਵਆਦਾ ਕੀਤੇ ਸਨ ਕਿ ਸਰਕਾਰ ਆਉਣ ’ਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਸਬਾ ਸਨੌਰ ਨੂੰ ਸੀਵਰੇਜ ਦੇ ਪੱਖ ਤੋਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਵਿਧਾਇਕ ਵੱਲੋਂ ਅੱਜ 4 ਘੰਟੇ ਸਨੌਰ ’ਚ ਹੀ ਬਿਤਾਏ।