ਸਰਬਜੀਤ ਸਿੰਘ ਭੰੰਗੂ
ਪਟਿਆਲਾ, 2 ਮਾਰਚ
ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਪਟਿਆਲਾ ਵਲੋਂ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਦੇ ਸੱਦੇ ’ਤੇ ਅੱਜ ਡੀਸੀ ਦਫਤਰ ਅੱਗੇ ਭੁੱਖ ਹੜਤਾਲ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਅੱਜ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ, ਪੈਨਸ਼ਨਰਜ਼ ਯੂਨੀਅਨ ਦੇ ਛੱਜੂ ਰਾਮ, ਪੀਡਬਲਿਊਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਰਾਜਿੰਦਰ ਸਿੰਘ ਧਾਲੀਵਾਲ, ਜੰਗਲਾਤ ਵਰਕਰਜ਼ ਯੂਨੀਅਨ ਦੇ ਜਸਵਿੰਦਰ ਸਿੰਘ ਸੌਜਾ ਤੇ ਬਲਵੀਰ ਸਿੰਘ ਮਨੌਲੀ ਦੀ ਅਗਵਾਈ ਵਿੱਚ 21 ਮੈਂਬਰੀ ਜਥਾ ਭੁੱਖ ਹੜਤਾਲ ’ਤੇ ਬੈਠਿਆ। ਭੁੱਖ ਹੜਤਾਲੀ ਕੈਂਪ ’ਤੇ ਬੈਠੇ ਸਾਥੀਆਂ ਨੂੰ ਫੈਡਰੇਸ਼ਨ ਦੇ ਆਗੂ ਜਸਵੀਰ ਸਿੰਘ ਖੋਖਰ, ਹਰਬੀਰ ਸਿੰਘ ਸੁਨਾਮ, ਲਖਵਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ, ਮਸਤ ਰਾਮ, ਹਰੀ ਰਾਮ ਨਿੰਦਾ, ਵਿਪਨ ਕੁਮਾਰ, ਬੀਰਪਾਲ ਅਤੇ ਨਰੇਸ਼ ਕੁਮਾਰ ਨੇ ਸੰਬੋਧਨ ਕੀਤਾ ਤੇ ਕਿਹਾ ਕਿ ਸਰਕਾਰ ਦਾ 4 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਾਜ਼ਮ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਸਬਕ ਸਿਖਾਇਆ ਜਾਵੇਗਾ। ਭੁੱਖ ਹੜਤਾਲੀ ਕੈਂਪ ’ਚ ਮੋਤੀ ਰਾਮ, ਬਲਵੰਤ ਸਿੰਘ, ਅਸ਼ੋਕ ਕੁਮਾਰ, ਧਰਮ ਪਾਲ, ਹਰੀ ਰਾਮ ਅਤੇ ਯਸ਼ਪਾਲ ਆਗੂਆਂ ਨੇ ਐਲਾਨ ਕੀਤਾ ਕਿ 5 ਮਾਰਚ ਨੂੰ ਸਰਕਲ ਜਨ ਸਿਹਤ, ਨਾਭ ਰੋਡ, ਦਫਤਰ ਅੱਗੇ ਰੈਲੀ ਕਰਨ ਉਪਰੰਤ ਮਾਰਚ ਕਰਕੇ ਜੰਗਲਾਤ ਦਫਤਰ ਹੁੰਦੇ ਹੋਏ ਡੀਸੀ ਦਫਤਰ ਪਹੁੰਚ ਕੇ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।