ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਜੁਲਾਈ
ਅੱਜ ਪਏ ਭਰਵੇਂ ਮੀਂਹ ਨੇ ਇੱਕ ਵਾਰ ਫੇਰ ਸ਼ਾਹੀ ਸ਼ਹਿਰ ਪਟਿਆਲਾ ਸਮੇਤ ਜ਼ਿਲ੍ਹੇ ਦੇ ਕਈ ਹੋਰ ਖੇਤਰਾਂ ਨੂੰ ਵੀ ਜਲ ਥਲ ਕਰ ਦਿੱਤਾ, ਜਿਸ ਮਗਰੋਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ ਹੇਠਾਂ ਵੱਖ ਵੱਖ ਅਧਿਕਾਰੀਆਂ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਸਮੇਤ ਹੋਰ ਨਦੀਆਂ ਅਤੇ ਨਾਲਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਵੀ ਲਿਆ। ਇਸ ਟੀਮ ਵਿੱਚ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸਐੱਸਪੀ ਡਾ. ਸੰਦੀਪ ਗਰਗ, ਡਰੇਨੇਜ਼ ਵਿਭਾਗ ਦੇ ਐਕਸੀਅਨ ਰਮਨਦੀਪ ਬੈਂਸ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਐੱਸਐੱਲ ਗਰਗ, ਦੂਧਨ ਸਾਧਾਂ ਦੇ ਤਹਿਸੀਲਦਾਰ ਸਰਬਜੀਤ ਸਿੰਘ ਧਾਲੀਵਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ। ਵੇਰਵਿਆਂ ਅਨੁਸਾਰ ਇਸ ਟੀਮ ਨੇ ਲਾਛੜੂ ਖੁਰਦ, ਸਰਾਲਾ ਹੈੱਡ, ਮਾੜੂ, ਟਾਂਗਰੀ ਪੁਲ, ਮੀਰਾਂਪੁਰ ਚੋਅ ਦਾ ਦੌਰਾ ਕੀਤਾ। ਇਸ ਦੌਰਾਨ ਭਾਵੇਂ ਕਿ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਈ ਤਰ੍ਹਾਂ ਦੀਆਂ ਹਦਾਇਤਾਂ ਵੀ ਕੀਤੀਆਂ ਪਰ ਡਿਪਟੀ ਗਵਰਨਰ ਦਾ ਕਹਿਣਾ ਸੀ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ। ਬਰਸਾਤੀ ਪਾਣੀ ਦੀ ਨਿਕਾਸੀ ਦੇ ਮਾਮਲੇ ਨੂੰ ਲੈ ਗਏ ਉਨ੍ਹਾਂ ਨੇ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਹੋਣ ਦੀ ਗੱਲ ਵੀ ਆਖੀ।