Patiala Development: ਵਿਕਾਸ ਲਈ 5 ਕਰੋੜ ਦੇ ਫੰਡ ਹੋਰ ਜਾਰੀ: ਕੋਹਲੀ
ਿਧਾਇਕ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਵਿਧਾਇਕ ਅਜੀਤਪਾਲ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰੀ ਹਲਕੇ ਦੇ ਵਿਕਾਸ ਲਈ ਪੀ ਐੰਮ-26 ਰੰਗਲਾ ਪੰਜਾਬ ਵਿਕਾਸ ਸਕੀਮ ਦੇ ਤੀਜੇ ਫੇਜ਼ ਤਹਿਤ 5 ਕਰੋੜ ਦੇ ਫੰਡ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਇਨ੍ਹਾਂ ਫੰਡਾਂ ਦੀ ਵਰਤੋਂ ਨਾਲ ਉਲੀਕੇ ਗਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਵਿਧਾਇਕ ਨੇ ਅੱਜ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਕਮਿਸ਼ਨਰ ਸਿਮਰਨਪ੍ਰੀਤ ਕੌਰ ਅਤੇ ਲੋਕ ਨਿਰਮਾਣ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਨ੍ਹਾਂ ਕਾਰਜਾਂ ਦੀ ਪ੍ਰਗਤੀ ਦੀ ਅਗਲੀ ਸਮੀਖਿਆ ਮੀਟਿੰਗ 26 ਸਤੰਬਰ ਨੂੰ ਕੀਤੀ ਜਾਵੇਗੀ। ਵਿਧਾਇਕ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਨੇ ਦੋ ਵਾਰ ਪੰਜਾਬ ਨੂੰ ਮੁੱਖ ਮੰਤਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸ਼ਹਿਰ ਲੰਮੇ ਸਮੇਂ ਤੱਕ ਵਿਕਾਸ ਪੱਖੋਂ ਪਛੜਿਆ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਬੀੜਾ ਚੁੱਕਿਆ ਹੈ ਤੇ ਹੁਣ ਵਿਕਾਸ ਕਾਰਜ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਵਾਏ ਜਾ ਰਹੇ ਹਨ।
ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ
ਪਟਿਆਲਾ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸਨੌਰੀ ਅੱਡਾ ਤੋਂ ਅੱਜ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਅਤੇ ਵਾਰਡ ਨੰਬਰ 39 ਦੇ ਇੰਚਾਰਜ ਜਯੋਤੀ ਵੀ ਮੌਜੂਦ ਸਨ। ਵਿਧਾਇਕ ਨੇ ਦੱਸਿਆ ਕਿ ਇਹ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਜਾਵੇਗੀ।

