ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਜੂਨ
ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐੱਸਐੱਸਪੀ ਦੀਪਕ ਪਾਰੀਕ ਨਾਲ ਮੀਟਿੰਗ ਕਰਕੇ ਕੁਝ ਜ਼ਿਲ੍ਹਿਆਂ ਵਿਚਲੀਆਂ ਘਟਨਾਵਾਂ ਦੇ ਸਨਮੁੱਖ ਪਟਿਆਲਾ ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਡਿਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਆਪਣੇ ਹੱਥ ‘ਚ ਲੈਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ‘ਚ ਆਪਸੀ ਭਾਈਚਾਰਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲੀਸ ਤੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ।
ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੋਕਾਂ ਨੂੰ ਸੁਚੇਤ ਹੋਕੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਬਾਰੇ ਪੁਲੀਸ ਨੂੰ ਤੁਰੰਤ ਸੂਚਿਤ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਮਾਜ ‘ਚ ਆਪਸੀ ਫੁੱਟ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐੱਸਐੱਸਪੀ ਦੀਪਕ ਪਾਰੀਕ ਨੇ ਕਿਹਾ ਕਿ ਪੁਲੀਸ ਵੱਲੋਂ ਜ਼ਿਲ੍ਹੇ ‘ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਹਨ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐੱਸਡੀਐੱਮਜ਼ ਪਟਿਆਲਾ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਸੰਜੀਵ ਕੁਮਾਰ, ਕੰਨੂ ਗਰਗ ਤੇ ਨਵਦੀਪ ਕੁਮਾਰ ਮੌਜੂਦ ਸਨ।