ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਿਆਲਾ ’ਚ ਗੁਰੂ ਤੇਗ ਬਹਾਦਰ ਦੇ ਸਭ ਤੋਂ ਵੱਧ ਅਸਥਾਨ: ਸੌਂਦ

ਮੰਤਰੀਆਂ ਵੱਲੋਂ ਸ਼ਹੀਦੀ ਦਿਹਾਡ਼ੇ ਦੇ ਸਮਾਗਮਾਂ ਦੀ ਤਿਆਰੀ ਦਾ ਜਾਇਜ਼ਾ; ਵਿਧਾਇਕਾਂ ਤੇ ਅਧਿਕਾਰੀਆਂ ਨਾਲ ਮੀਟਿੰਗ
ਸ਼ਤਾਬਦੀ ਸਮਾਗਮਾਂ ਬਾਰੇ ਮੀਟਿੰਗ ਕਰਦੇ ਹੋਏ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ।
Advertisement

ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਦੇ ਅਹਿਮ ਫ਼ੈਸਲੇ ਤਹਿਤ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਰਕ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕ ਕੀਤੀ। ਇਸ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਪੰਜਾਬ ’ਚ 135 ਅਸਥਾਨ ਗੁਰੂ ਤੇਗ਼ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ ’ਚੋਂ ਸਭ ਤੋਂ ਵੱਧ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ, ਜਿਨ੍ਹਾਂ ਦੇ ਚਹੁੰਪੱਖੀ ਵਿਕਾਸ ਲਈ 70 ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ ਗਏ ਹਨ। ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸੈਰ ਸਪਾਟਾ ਵਿਭਾਗ ਦੇ ਸਕੱਤਰ ਅਭਿਨਵ ਤ੍ਰਿਖਾ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਦਿਹਾੜਾ 19 ਨਵੰਬਰ ਤੋਂ 25 ਨਵੰਬਰ ਤੱਕ 6 ਦਿਨ ਰਾਜ ਪੱਧਰੀ ਸਮਾਗਮ ਕਰਵਾ ਕੇ ਸ਼ਰਧਾ ਭਾਵਨਾ ਤੇ ਗੁਰਮਤਿ ਮਰਿਆਦਾ ਅਨੁਸਾਰ ਮਨਾਇਆ ਜਾਵੇਗਾ। ਇਸ ਲਈ ਸਮੁੱਚੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਇੱਕ ਸ਼ਰਧਾਲੂ ਦੀ ਤਰ੍ਹਾਂ ਨਿਭਾਉਣ ਕਿਉਂਕਿ ਇਹ ਬਹੁਤ ਭਾਗਾਂ ਵਾਲਾ ਸੁਨਹਿਰੀ ਮੌਕਾ ਹੈ ਜਦੋਂ ਸਰਕਾਰ 350 ਸਾਲਾ ਸ਼ਤਾਬਦੀ ਸਮਾਗਮ ਮਨਾ ਕੇ ਗੁਰੂ ਤੇਗ਼ ਬਹਾਦਰ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਣ ਜਾ ਰਹੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵੇਂ ਮੰਤਰੀਆਂ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ’ਚ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ ’ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਸ ਮੌਕੇ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜਿਨ੍ਹਾਂ ਵਿੱਚ ਗੁਰਦਾਸਪੁਰ ਤੋਂ ਮਾਝਾ, ਦੁਆਬਾ ਤੋਂ ਯਾਤਰਾ ਸਮੇਤ ਮਾਲਵਾ ਤੋਂ ਦੋ ਯਾਤਰਾਵਾਂ ਬਠਿੰਡਾ ਅਤੇ ਫ਼ਰੀਦਕੋਟ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਪਹੁੰਚਣਗੀਆਂ। ਜਦਕਿ 20 ਨਵੰਬਰ ਨੂੰ ਬਠਿੰਡਾ ਤੋਂ ਚੱਲਣ ਵਾਲੀ ਮਾਲਵਾ-2 ਯਾਤਰਾ ਰਾਤ ਨੂੰ ਪਟਿਆਲਾ ਵਿੱਚ ਪੁੱਜੇਗੀ ਤੇ ਵਿਸ਼ਰਾਮ ਕਰੇਗੀ। ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਰਾਸਤ-ਏ-ਖ਼ਾਲਸਾ ਵਿੱਚ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਗੁਰੂ ਸਾਹਿਬ ਦੀ ਜੀਵਨ ਉੱਤੇ ਅਧਾਰਿਤ ਲਾਈਟ ਐਂਡ ਸਾਊਂਡ ਤੇ ਕਵੀ ਦਰਬਾਰ ਕਰਵਾਏ ਜਾਣਗੇ।

Advertisement
Advertisement