Patiala News: ਪਟਿਆਲਾ ਜ਼ਿਲ੍ਹੇ ’ਚ ਤਾਇਨਾਤ ASI 18,000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਦੀ ਤਹਿਸੀਲ ਪਾਤੜਾਂ ਦੇ ਥਾਣਾ ਸ਼ੁਤਰਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜਸਵਿੰਦਰ ਸਿੰਘ ਨੂੰ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ...
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਦੀ ਤਹਿਸੀਲ ਪਾਤੜਾਂ ਦੇ ਥਾਣਾ ਸ਼ੁਤਰਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜਸਵਿੰਦਰ ਸਿੰਘ ਨੂੰ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਪਾਤੜਾਂ ਦੇ ਪਿੰਡ ਬਕਰਾਹਾ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਇਲਾਜ ਦੌਰਾਨ ਮਾਮਲੇ ਦੀ ਸੂਚਨਾ ਥਾਣਾ ਸ਼ੁਤਰਾਣਾ ਨੂੰ ਦਿੱਤੀ ਸੀ। ਮੁਲਜ਼ਮ ਏਐਸਆਈ ਨੇ ਬਾਅਦ ਵਿੱਚ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਕੋਲੋਂ ਉਨ੍ਹਾਂ 'ਤੇ ਹਮਲਾ ਕਰਨ ਵਾਲੀ ਦੂਜੀ ਧਿਰ ਖਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬੇਨਤੀ ਕਰਨ 'ਤੇ, ਮੁਲਜ਼ਮ ਏਐਸਆਈ 18,000 ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਨਾਜਾਇਜ਼ ਰਿਸ਼ਵਤ ਦੇਣ ਤੋਂ ਅਸਮਰੱਥ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

