ਸਰਬਜੀਤ ਸਿੰਘ ਭੰਗੂ
ਪਟਿਆਲਾ, 12 ਅਪਰੈਲ
ਪੰਜਾਬ ਵਿੱਚ ਅਤਿ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਕਮੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਸਾਨਾਂ ਲਈ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਉਨ੍ਹਾਂ ਦੱਸਿਆ ਕਿ ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰੇਕ ਕਿਸਾਨ ਨੂੰ ਪ੍ਰਤੀ ਏਕੜ 5 ਤੋਂ 7 ਕੁਇੰਟਲ ਕਣਕ ਦਾ ਨੁਕਸਾਨ ਹੋ ਰਿਹਾ ਹੈ। ਪਹਿਲਾਂ ਪ੍ਰਤੀ ਏਕੜ ਝਾੜ ਕਰੀਬ 22 ਕੁਇੰਟਲ ਹੁੰਦਾ ਸੀ ਪਰ ਇਸ ਵਾਰ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਝਾੜ 15 ਤੋਂ 17 ਕੁਇੰਟਲ ਹੀ ਨਿਕਲਿਆ ਹੈ। ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਆਵਜ਼ਾ ਦਿੱਤਾ ਜਾਵੇ।