ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਮਈ
ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਪੰਜਾਬ ਭਰ ਦੇ ਪਟਵਾਰੀਆਂ ਵੱਲੋਂ ਲਈ ਗਈ ਦੋ ਰੋਜ਼ਾ ਸਮੂਹਿਕ ਛੁੱਟੀ ਦੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਮੂਹ ਪਟਵਾਰੀ ਵੀ ਅੱਜ ਤੋਂ ਦੋ ਦਿਨਾਂ ਦੀ ਸਮੂਹਿਕ ਛੁੱਟੀ ’ਤੇ ਚਲੇ ਗਏ ਹਨ। ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਖੈਰਪੁਰੀ ਤੇ ਜਿਲ੍ਹਾ ਜਨਰਲ ਸਕੱਤਰ ਅੰਕਿਤ ਮਿੱਤਲ, ਪਟਿਆਲਾ ਤਹਿਸੀਲ ਦੇ ਪ੍ਰਧਾਨ ਟਹਿਲ ਸਿੰਘ ਮੱਲੇਵਾਲ਼ ਦਾ ਕਹਿਣਾ ਸੀ ਕਿ ਪਟਵਾਰੀ ਚਿਰਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਕੋਲ਼ ਪਹੁੰਚ ਕਰਦੇ ਆ ਰਹੇ ਹਨ। ਪਿਛਲੇ ਦਿਨੀਂ ਵੀ ਪੰਜਾਬ ਭਰ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਰਾਹੀਂ ਸਰਕਾਰ ਕੋਲ਼ ਮੰਗ ਪੱਤਰ ਭੇਜੇ ਗਏ ਸਨ ਪਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਨੇ ਉੱਕਾ ਹੀ ਕੋਈ ਸੰਜੀਦਗੀ ਨਹੀਂ ਵਿਖਾਈ ਜਿਸ ਦੇ ਚੱਲਦਿਆਂ ਹੀ ਪਟਵਾਰੀਆਂ ਨੇ ਰੋਸ ਜ਼ਾਹਰ ਕਰਦਿਆਂ 6 ਅਤੇ 7 ਮਈ ਲਈ ਸਮੂਹਿਕ ਛੁੱਟੀ ਲੈ ਲਈ ਹੈ। ਇਸ ਦੌਰਾਨ ਜਿਲ੍ਹਾ ਜਨਰਲ ਸਕੱਤਰ ਅੰਕਿਤ ਮਿੱਤਲ, ਜ਼ਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ, ਜ਼ਿਲ੍ਹਾ ਕਮੇਟੀ ਮੈਂਬਰ ਅਕਾਸ਼ਦੀਪ ਆਦਿ ਨੇ ਵੀ ਸ਼ਿਰਕਤ ਕੀਤੀ।