ਥਰਮਲ ਪਲਾਂਟ ਰਾਜਪੁਰਾ ਨੂੰ ਜਾਂਦੀ ਰੇਲਵੇ ਲਾਈਨ ’ਤੇ ਪੱਕਾ ਮੋਰਚਾ ਜਾਰੀ

ਥਰਮਲ ਪਲਾਂਟ ਰਾਜਪੁਰਾ ਨੂੰ ਜਾਂਦੀ ਰੇਲਵੇ ਲਾਈਨ ’ਤੇ ਪੱਕਾ ਮੋਰਚਾ ਜਾਰੀ

ਰਾਜਪੁਰਾ ਨੂੰ ਜਾਂਦੀ ਰੇਲ ਪਟੜੀ ’ਤੇ ਧਰਨਾ ਦੇ ਰਹੇ ਕਿਸਾਨ।

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 30 ਅਕਤੂਬਰ

ਇੱਥੋਂ ਦੇ ਪਿੰਡ ਸੂਰਲ ਖੁਰਦ ਕੋਲੋਂ ਲੰਘਦੀ ਨਾਭਾ ਪਾਵਰ ਥਰਮਲ ਪਲਾਂਟ ਲਿਮਟਿਡ ਰਾਜਪੁਰਾ ਦੀ ਰੇਲਵੇ ਲਾਈਨ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਰਨੈਲ ਲੰਗ, ਜਸਵਿੰਦਰ ਸਿੰਘ, ਵਰਿੰਦਰ ਸਿੰਘ ਮੋਮੀ, ਸਿਮਰਨ ਕੌਰ ਨਨਹੇੜਾ ਤੇ ਸੁਰਿੰਦਰ ਕੌਰ ਘੱਗਾ ਦੀ ਅਗਵਾਈ ਹੇਠ ਰੇਲ ਪਟੜੀ ’ਤੇ ਧਰਨਾ ਜਾਰੀ ਰਿਹਾ। ਜਥੇਬੰਦੀ ਵੱਲੋਂ ਇਹ ਧਰਨਾ ਮੋਦੀ ਸਰਕਾਰ ਵੱਲੋਂ ਪ੍ਰਾਈਵੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਅਦਾਰਿਆਂ ਦੀ ਸੰਘੀ ਨੱਪਣ ਦੇ ਵਿਰੋਧ ਵਜੋਂ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਜਥੇਬੰਦੀ ਨੇ ਸਰਕਾਰ ਦੇ ਨਾਲ ਨਾਲ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਵੀ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਜਦੋਂ ਤੱਕ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੁੂੰਨ ਵਾਪਸ ਨਹੀਂ ਲੈਂਦੀ, ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।

ਇਸੇ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਇਸ ਖੇਤਰ ’ਚੋਂ ਗੁਜਰਦੀ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ’ਤੇ ਪੰਜਾਬ ਦੇ ਪਰਵੇਸ਼ ਦੁਆਰ ਵਜੋਂ ਜਾਣੇ ਜਾਂਦੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਆਗੂਆਂ ਹਜੂਰਾ ਸਿੰਘ ਮਿਰਜਾਂਪੁਰ, ਪਵਨ ਕੁਮਾਰ ਸੋਗਲਪੁਰ, ਗਿਆਨੀ ਮਹਿੰਦਰ ਸਿੰਘ ਪਿੱਪਲ ਮੰਗੌਲੀ, ਸਰਬਜੀਤ ਸਿੰਘ ਕਾਮੀਂ ਕਲਾਂ ਦੀ ਅਗਵਾਈ ਵਿੱਚ ਰੋਸ ਧਰਨਾ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂਆਂ ਰਘਵੀਰ ਸਿੰਘ, ਨੱਥੂ ਲਾਲ ਘੜਾਮਾਂ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਵੇਂ ਖੇਤੀ ਕਾਨੂੰਨਾਂ ਦੀ ਤਰਜ਼ ’ਤੇ ਹੁਣ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਸਬੰਧੀ ਆਰਡੀਨੈਂਸ ਜਾਰੀ ਕਰ ਦਿੱਤਾ ਗਿਆ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਨਵੇਂ ਆਰਡੀਨੈਂਸ ਨੂੰ ਵਾਪਸ ਲਿਆ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ 5 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਇਸ ਖੇਤਰ ਵਿੱਚੋਂ ਲੰਘਦੀਆਂ ਮੁੱਖ ਸੜਕਾਂ ’ਤੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਖੇਤੀ ਕਾਨੂੰਨਾਂ ਖ਼ਿਲਾਫ਼ ਸੜਕੀ ਆਵਾਜਾਈ ਠੱਪ ਕਰਕੇ ਰੋਸ ਧਰਨੇ ਦਿੱਤੇ ਜਾਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All