ਸਰਬਜੀਤ ਸਿੰਘ ਭੰਗੂ
ਪਟਿਆਲਾ, 16 ਜੁਲਾਈ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪਿਛਲੇ 14 ਸਾਲਾਂ ਤੋਂ ਠੇਕਾ ਆਧਾਰ ’ਤੇ ਕੰਮ ਕਰ ਰਹੇ ਰੂਰਲ ਫਾਰਮੇਸੀ ਅਫਸਰਾਂ ਦੁਆਰਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸੂਬਾਈ ਹੜਤਾਲ ਅਤੇ ਧਰਨਾ 28 ਵੇਂ ਦਿਨ ਵੀ ਜਾਰੀ ਰਿਹਾ। ਜਿਸ ਤਹਿਤ ਅੱਜ ਵੀ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਸੌਜਾ ਦੀ ਅਗਵਾਈ ਹੇਠਾਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਪਟਿਆਲਾ ਵਿਖੇ ਧਰਨਾ ਦਿੱਤਾ। ਜਿਸ ਦੌਰਾਨ ਸੂਬਾ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ। ਧਰਨੇ ਵਿੱਚ ਸ਼ਾਮਲ ਪ੍ਰਮੁੱਖ ਆਗੂਆਂ, ਅਨਿਲ ਕੁਮਾਰ, ਰੋਹਿਤ ਕੁਮਾਰ, ਦਵਿੰਦਰ ਸਿੰਘ, ਜਤਿੰਦਰ ਪਾਲ ਸਿੰਘ, ਦਿਲਬਾਗ ਸਿੰਘ, ਗੁਰਸੇਵਕ ਸਿੰਘ, ਗੁਰਮੁਖ ਸਿੰਘ, ਕੁਸ਼ਲਪਾਲ ਸਿੰਘ, ਕੁਲਵੰਤ ਸੈਣੀ, ਰੀਮਾ ਰਾਣੀ ਅਤੇ ਸਤਵੀਰ ਸਿੰਘ ਦਾ ਕਹਿਣਾ ਸੀ ਸੇਵਾਵਾਂ ਰੈਗੂਲਰ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ਼ ਹੋਈ ਸੀ ਤੇ ਉਹ ਸੇਵਾਵਾਂ ਰੈਗੂਲਰ ਕਰਨ ਲਈ ਸਾਰੀਆਂ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਹਨ। ਬਾਵਜੂਦ ਇਸ ਦੇ ਸਰਕਾਰ ਵੱਲੋਂ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ 14 ਸਾਲੋਂ ਤੋਂ ਉਹ ਕੰਟਰੈਕਟ ਆਧਾਰ ’ਤੇ ਨਿਗੂਣੀਆਂ ਤਨਖ਼ਾਹਾਂ ’ਤੇ ਹੀ ਕੰਮ ਕਰਦੇ ਆ ਰਹੇ ਹਨ।