ਖੇਤਰੀ ਪ੍ਰਤੀਨਿਧ
ਪਟਿਆਲਾ, 12 ਜਨਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਟਰੱਕ ਯੂਨੀਅਨਾਂ ਦੀ ਬਹਾਲੀ ਲਈ ਹੁਕਮ ਜਾਰੀ ਕਰਨ ਦੀ ਖੁਸ਼ੀ ’ਚ ਅੱਜ ਇਥੇ ਗੁਰੂ ਤੇਗ ਬਹਾਦਰ ਟਰੱਕ ਆਪਰੇਟਰ ਯੂਨੀਅਨ ਪਟਿਆਲਾ ਵਿੱਚ ਪ੍ਰਧਾਨ ਪਰਮਿੰਦਰ ਸਿੰਘ ਲਵੀ ਦੀ ਅਗਵਾਈ ਹੇਠਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਿੱਕੀ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਰਿੱਕੀ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ 2017 ’ਚ ਟਰੱਕ ਯੂਨੀਅਨ ਭੰਗ ਕਰਨ ਕਰਕੇ ਇਸ ਖਿੱਤੇ ਨਾਲ ਜੁੜੇ ਲੱਖਾਂ ਹੀ ਪਰਿਵਾਰ ਬੇਰੁਜ਼ਗਾਰ ਹੋ ਗਏ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਦਿਨੀਂ ਪੰਜਾਬ ਭਰ ਦੀਆਂ ਸਮੂਹ ਟਰੱਕ ਯੂਨੀਅਨਾਂ ਬਹਾਲ ਕਰਨ ਦਾ ਲਿਆ ਗਿਆ ਫ਼ੈਸਲਾ ਅਤਿ ਸ਼ਲਾਘਾਯੋਗ ਹੈ। ਇਸੇ ਦੌਰਾਨ ਆਲ ਪੰਜਾਬ ਟਰੱਕ ਯੂਨੀਅਨ ਦੇ ਸੂਬਾ ਪ੍ਰਧਾਨ ਹੈਪੀ ਸੰਧੂ ਨੇ ਵੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਭਰਵੀਂ ਸ਼ਲਾਘਾ ਕੀਤੀ ਹੈ। ਇਸ ਮੌਕੇ ਪਰਮਿੰਦਰ ਸਿੰਘ ਲਵੀ ਪ੍ਰਧਾਨ, ਸੰਦੀਪ ਸਿੰਘ ਵਾਈਸ ਪ੍ਰਧਾਨ, ਹਰਵਿੰਦਰ ਨੀਟਾ ਸਾਬਕਾ ਪ੍ਰਧਾਨ, ਰਾਜਿੰਦਰ ਸਿੰਘ ਆਪਰੇਟਰ ਆਦਿ ਮੌਜੂਦ ਸਨ।