ਪੱਤਰ ਪ੍ਰੇਰਕ
ਪਟਿਆਲਾ, 26 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ 2017 ਤੋਂ ਪੀ.ਐੱਸ.ਪੀ.ਸੀ.ਐੱਲ ਦੇ ਬੰਦ ਪਏ ਸਪੋਰਟਸ ਸੈੱਲ ਨੂੰ ਮੁੜ ਸੁਰਜੀਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੀਐੱਸਪੀਸੀਐੱਲ ਦੇ ਮੁੱਖ ਦਫ਼ਤਰ ਵਿੱਚ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਪੋਰਟਸ ਸੈਕਸ਼ਨ ਵੱਲੋਂ ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ ਦੀ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ, ਚੰਗੇ ਖਿਡਾਰੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ ਜਾਣਗੇ। ਪੀਐੱਸਪੀਸੀਐੱਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਸਪੋਰਟਸ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਇੱਥੋਂ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਸੂਬੇ ਦਾ ਤੇ ਬਿਜਲੀ ਵਿਭਾਗ ਦਾ ਨਾਮ ਰੌਸ਼ਨ ਕਰ ਸਕਣ।