ਰਵੇਲ ਸਿੰਘ ਭਿੰਡਰ
ਪਟਿਆਲਾ, 13 ਅਕਤੂਬਰ
ਇਥੇ ਸਰਕਟ ਹਾਊਸ ਵਿੱਚ ਭਾਜਪਾ ਦੀ ਵਿਦਿਆਰਥੀ ਜਥੇਬੰਦੀ ‘ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ’ ਨੂੰ ਹਾਊਸ ਦੇ ਅਮਲੇ ਨੇ ਪ੍ਰੈੱਸ ਕਾਨਫਰੰਸ ਕਰਨ ਤੋਂ ਰੋਕ ਦਿੱਤਾ ਤੇ ਸਰਕਟ ਹਾਊਸ ਵਿੱਚ ਉਨ੍ਹਾਂ ਦੇ ਦਾਖ਼ਲੇ ’ਤੇ ਪਾਬੰਦੀ ਲਈ ਪੁਲੀਸ ਤਾਇਨਾਤ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਵੱਲੋਂ ਇਹ ਪ੍ਰੈੱਸ ਕਾਨਫਰੰਸ ਕਥਿਤ ਘੁਟਾਲੇ ਦੀ ਚਰਚਾ ਵਿੱਚ ਘਿਰੀ ‘ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ’ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਕੀਤੀ ਜਾਣੀ ਸੀ, ਪਰ ਰੋਕਣ ਮਗਰੋਂ ਜਥੇਬੰਦੀ ਨੂੰ ਪ੍ਰੈੱਸ ਕਾਨਫਰੰਸ ਨੂੰ ਸਰਕਟ ਹਾਊਸ ਨੇੜੇ ਪੈਂਦੇ ਪ੍ਰਭਾਤ ਪ੍ਰਵਾਨਾ ਵਿੱਚ ਤਬਦੀਲ ਕਰਨ ਲਈ ਮਜਬੂਰ ਹੋਣਾ ਪਿਆ। ਪ੍ਰੈੱਸ ਕਾਨਫਰੰਸ ਦੌਰਾਨ ਜਥੇਬੰਦੀ ਦੇ ਸੂਬਾ ਸਕੱਤਰ ਚਿਰਾਂਸ਼ੂ ਰਤਨ ਨੇ ਦੋਸ਼ ਲਾਇਆ ਕਿ ਸਕੀਮ ਨਾਲ ਸਬੰਧਿਤ ਘੁਟਾਲੇ ਵਿੱਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਕਥਿਤ ਇਸ਼ਾਰੇ ’ਤੇ ਅਜਿਹਾ ਵਾਪਰਿਆ ਹੈ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਨਹੀਂ ਚਾਹੁੰਦੀ ਕੋਈ ਵੀ ਧਿਰ ਸਕਾਲਰਸ਼ਿਪ ਸਕੀਮ ਦੇ ਕਰੋੜਾਂ ਰੁਪਏ ਦੇ ਘੁਟਾਲੇ ਦੇ ਮਾਮਲੇ ’ਤੇ ਆਪਣੀ ਆਵਾਜ਼ ਬੁਲੰਦ ਕਰੇ ਕਿਉਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਮਾਮਲੇ ’ਤੇ ਜਾਂਚ ਕਰਵਾ ਕੇ ਮੰਤਰੀ ਨੂੰ ਕਲੀਨ ਚਿੱਟ ਦਿੱਤੀ ਹੋਈ ਹੈ ਜਦੋਂ ਕਿ ਪੰਜਾਬ ਦੇ ਲੋਕ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਹਨ। ਸੂਬਾ ਸਕੱਤਰ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਸਰਕਟ ਹਾਊਸ ਦੇ ਅਮਲੇ ਨੂੰ ਪ੍ਰੈੱਸ ਕਾਨਫਰੰਸ ਲਈ ਪੱਤਰ ਦਿੱਤਾ ਸੀ, ਜਿਨ੍ਹਾਂ ਵੱਲੋਂ ਮਨਜ਼ੂਰੀ ਮਿਲਣ ’ਤੇ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ । ਉਧਰ ਸਰਕਟ ਹਾਊਸ ਦੀ ਇੰਚਾਰਜ ਸੁਖਵਿੰਦਰ ਕੌਰ ਨੇ ਕਿਹਾ ਕਿ ਇੱਕ ਦਿਨ ਪਹਿਲਾਂ ਪ੍ਰੈੱਸ ਕਾਨਫਰੰਸ ਲਈ ਕੋਈ ਪ੍ਰਵਾਨਗੀ ਨਹੀਂ ਲਈ ਗਈ।