ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ
ਗੁਰਮਤਿ ਫ਼ਲਸਫ਼ੇ ਨੇ ਸਾਨੂੰ ਚੜ੍ਹਦੀ ਕਲਾ ਦੇ ਸੰਕਲਪ ਨਾਲ ਜਿਊਣ ਦੀ ਜਾਚ ਸਿਖਾਈ: ਰੇਣੂਕਾ
Advertisement
ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਜਵਾਂ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਅਤੇ ਇੰਜਨੀਅਰਿੰਗ ਵਿਭਾਗ ਵੱਲੋਂ ਸੁਕ੍ਰਿਤ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ: ਸਿੱਖਿਆਵਾਂ ਅਤੇ ਸ਼ਹਾਦਤ ‘ਇਹ ਖੇਲ ਕਠਨੁ ਹੈ’ ਵਿਸ਼ੇ ਉੱਤੇ ਚਰਚਾ ਕੀਤੀ ਗਈ।ਇਸ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗਿਆਨ ਦਾ ਚਾਨਣ ਵੰਡ ਰਹੀ ਪੰਜਾਬੀ ਯੂਨੀਵਰਸਿਟੀ ਤਾਂ ਇਸ ਪੱਖੋਂ ਵੀ ਖ਼ੁਸ਼ਕਿਸਮਤ ਹੈ ਕਿ ਇਹ ਅਜਿਹੇ ਇਲਾਕੇ ਵਿੱਚ ਹੈ ਜਿਸ ਨੂੰ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੈ। ਮੁੱਖ ਵਕਤਾ ਡਾ. ਸਰਬਜੀਤ ਸਿੰਘ ਰੇਣੂਕਾ ਨੇ ਕਿਹਾ ਕਿ ਸੰਸਾਰ ਭਰ ਵਿੱਚ ਮਨੁੱਖੀ ਅਧਿਕਾਰਾਂ ਦੀ ਗੱਲ ਬਹੁਤ ਬਾਅਦ ਵਿੱਚ ਤੁਰੀ ਹੈ ਪਰ ਸਾਡੇ ਗੁਰੂ ਸਾਹਿਬ ਨੇ ਬਹੁਤ ਪਹਿਲਾਂ ਕਿਸੇ ਦੂਜੇ ਧਰਮ ਦੇ ਲੋਕਾਂ ਦੀ ਧਾਰਮਿਕ ਆਜ਼ਾਦੀ ਬਰਕਰਾਰ ਰੱਖਣ ਲਈ ਆਪਣੀ ਸ਼ਹਾਦਤ ਦੇ ਦਿੱਤੀ ਸੀ। ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਸਵਾਗਤੀ ਭਾਸ਼ਣ ਦਿੱਤਾ। ਪ੍ਰੋ. ਪਰਮਵੀਰ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਫ਼ਲਸਫ਼ੇ ਨੇ ਸਾਨੂੰ ਕਿਸੇ ਵੀ ਸਥਿਤੀ ਨਾਲ ਜ਼ਿੰਮੇਵਾਰੀ ਸਹਿਤ ਨਜਿੱਠਣਾ ਸਿਖਾਇਆ ਹੈ। ਗੁਰਮਤਿ ਫ਼ਲਸਫ਼ੇ ਵਿੱਚ ਸਥਿਤੀਆਂ ਤੋਂ ਭਗੌੜਾ ਹੋਣ ਨੂੰ ਕੋਈ ਥਾਂ ਨਹੀਂ ਹੈ। ਵਿਭਾਗ ਦੇ ਮੁਖੀ ਪ੍ਰੋ. ਹਿਮਾਂਸ਼ੂ ਅਗਰਵਾਲ ਨੇ ਧੰਨਵਾਦੀ ਭਾਸ਼ਣ ਦਿੱਤਾ। ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਡਾ. ਸੁਖਵਿੰਦਰ ਸਿੰਘ ਸਰਾਂ ਨੇ ਕੀਤਾ।
Advertisement
Advertisement