ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 17 ਅਗਸਤ
ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੌਰ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਮਾਨ ਨੇ ਕੈਪਟਨ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ, ਜਿਸ ਸਬੰਧੀ 1,73,000 ਨੌਜਵਾਨਾਂ ਦੇ ਦਰਖਾਸਤਾਂ ਰਾਹੀਂ ਨਾਂ ਰਜਿਸਟਰ ਹੋਏ ਸਨ ਪਰ ਕਾਂਗਰਸ ਸਰਕਾਰ ਵੱਲੋਂ ਹੁਣ ਸਿਰਫ਼ 400 ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਤੋਂ ਇਸ ਤਰ੍ਹਾਂ ਜਾਪਦਾ ਹੈ ਕਿ ਸਮਾਰਟ ਫੋਨ ਦੇਣ ਦਾ ਵਾਅਦਾ ਵੀ ਕਿਸਾਨ ਕਰਜ਼ੇ ਦੀ ਮੁਆਫ਼ੀ ਵਰਗਾ ਹੀ ਹੋਵੇਗਾ। ਉਨ੍ਹਾਂਂ ਕਿਹਾ ਕਾਂਗਰਸ ਸਰਕਾਰ ਲੋਕਾਂ ਦੇ ਮਨਾ ਤੋਂ ਲਹਿ ਚੁੱਕੀ ਹੈ।
ਸ੍ਰੀ ਮਾਨ ਨੇ ਸੂਲਰ ਘਰਾਟ ਵਿਖੇ ਕਿਹਾ ਕਿ ਸਰਕਾਰ ਨੇ ਜਿਵੇਂ ਕਿਸਾਨਾਂ ਨਾਲ ਧੋਖਾ ਕੀਤਾ ਉਸੇ ਤਰ੍ਹਾਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਵੀ ਧੋਖਾ ਕਰੇਗੀ। ਉਨ੍ਹਾਂ ਨੇ ਸ਼ੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਵੱਲੋਂ ਕੀਤੇ ਗਏ ਪਚਸ਼ਾਤਾਪ ਸਮਾਗਮ ਬਾਰੇ ਕਿਹਾ ਕਿ ਸ੍ਰੀ ਸੁਖਦੇਵ ਸਿੰਘ ਢੀਂਡਸਾ ਨੇ ਜੇਕਰ ਪਸ਼ਤਾਤਾਪ ਕਰਨਾ ਸੀ ਤਾਂ ਪਾਰਟੀ ਵਿੱਚ ਰਹਿ ਕੇ ਹੀ ਕਰਦੇ। ਉਨ੍ਹਾਂ ਦਾਅਵਾ ਕੀਤਾ ਕਿ ਅਗਲੀ ਸਰਕਾਰ ਅਕਾਲੀ ਦਲ ਦੀ ਬਣੇਗੀ।