ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਵਾਸੀਆਂ ਨੂੰ ਵੱਡੀ ਸਹੂਲਤ ਦਿੰਦਿਆਂ ਦੱਸਿਆ ਕਿ ਆਉਣ ਵਾਲੀ 15 ਅਗਸਤ ਨੂੰ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਦਫ਼ਤਰ ਖੁੱਲ੍ਹਾ ਰਹੇਗਾ ਅਤੇ ਲੋਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਗਮ ਦੇ ਪ੍ਰਾਪਰਟੀ ਟੈਕਸ ਨਾਲ ਸਬੰਧਤ ਅਧਿਕਾਰੀਆਂ ਨੂੰ ਵੀ ਖ਼ਾਸ ਨਿਰਦੇਸ਼ ਦਿੱਤੇ ਗਏ ਹਨ ਕਿ ਟੈਕਸ ਜਮ੍ਹਾਂ ਕਰਵਾਉਣ ਲਈ ਨਿਗਮ ਦਫ਼ਤਰ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਵਨ ਟਾਈਮ ਸੈਟਲਮੈਂਟ (ਓਟੀਐਸ) ਸਕੀਮ ਤਹਿਤ ਮਿਲਣ ਵਾਲੀ ਛੂਟ ਸਿਰਫ਼ 15 ਅਗਸਤ ਤੱਕ ਹੀ ਲਾਗੂ ਰਹੇਗੀ। ਇਸ ਮਿਤੀ ਤੋਂ ਬਾਅਦ ਯੋਜਨਾ ਦੀ ਮਿਆਦ ਖ਼ਤਮ ਹੋ ਜਾਵੇਗੀ ਅਤੇ ਫਿਰ ਟੈਕਸ ਦਾਤਿਆਂ ਨੂੰ ਬਕਾਇਆ ਰਕਮ ਨਾਲ ਨਾਲ ਜੁਰਮਾਨਾ ਵੀ ਅਦਾ ਕਰਨਾ ਪਵੇਗਾ।