ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 25 ਜੂਨ
ਕਰੋਨਾਵਾਇਰਸ ਦੌਰਾਨ ਲੋਕਾਂ ਦੀ ਮਦਦ ਕਰਨ ’ਚ ਭਾਵੇਂ ਕਿ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਪਟਿਆਲਾ ਦੀ ਪ੍ਰਬੰਧਕ ਕਮੇਟੀ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਮਾਰੀ ਦੌਰਾਨ ਕੀਤੀ ਜਾ ਰਹੀ ਲੋਕ ਸੇਵਾ ਲਈ ਸ੍ਰੀ ਦੂਖ ਨਿਵਾਰਣ ਸਾਹਿਬ ਦੇ ਪ੍ਰਬੰਧਕਾਂ ਨੂੰ ਵਿਸਾਰ ਦਿੱਤਾ ਗਿਆ ਹੈ। ਇਸ ਸਬੰਧੀ ਇਲਾਕੇ ਦੀ ਸਿੱਖ ਸੰਗਤ ਵਿੱਚ ਵੱਡਾ ਰੋਸ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਸੇਵਾ ਲਈ ਧਾਰਮਿਕ ਸੰਸਥਾ ਵਜੋਂ ਰਾਧਾ ਸਵਾਮੀ ਡੇਰਾ ਪਟਿਆਲਾ ਨੂੰ ਤਾਂ ਪਹਿਲ ਦਿੰਦਿਆਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰ ਦਿੱਤਾ ਹੈ ਪਰ ਗੁਰਦੁਆਰੇ ਦੀ ਘਾਲ ਕਮਾਈ ਦੀ ਪ੍ਰਸ਼ੰਸਾ ਕਰਨ ਤੋਂ ਟਾਲਾ ਵੱਟ ਲਿਆ ਹੈ। ਇਲਾਕੇ ਦੀ ਸਿੱਖ ਸੰਗਤ ਦਾ ਕਹਿਣਾ ਹੈ ਕਿ ਕਰੋਨਾਵਾਇਰਸ ਦੌਰਾਨ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀ ਸੰਗਤ ਤੋਂ ਲੈ ਕੇ ਹੁਣ ਤੱਕ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਦੀ ਪ੍ਰਬੰਧਕੀ ਧਿਰ ਦਿਨ-ਰਾਤ ਸੇਵਾ ਵਿੱਚ ਜੁੱਟੀ ਹੋਈ ਹੈ। ਗੁਰੂ ਘਰ ਦੇ ਸੇਵਾਦਾਰਾਂ ਨੇ ਆਪਣੇ ਆਪ ਨੂੰ ਜੋਖ਼ਮ ਵਿੱਚ ਪਾ ਕੇ ਇਕਾਂਤਵਾਸ ਕੀਤੇ ਲੋਕਾਂ ਨੂੰ ਲੰਗਰ ਛਕਾਉਣ ਤੋਂ ਕੰਨੀ ਨਹੀਂ ਕਤਰਾਈ। ਸਿੱਖ ਸੰਗਤ ਦਾ ਸ਼ਿਕਵਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਅਜਿਹੇ ਸੇਵਾ ਕਾਰਜ ਨੂੰ ਅੱਖੋਂ ਪਰੋਖੇ ਕੀਤਾ ਹੈ। ਸੰਗਤ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਜਿਹੇ ਵਤੀਰੇ ਦੀ ਜਾਂਚ ਦੀ ਮੰਗ ਵੀ ਕੀਤੀ ਹੈ।
ਗੁਰਦੁਆਰੇ ਦੇ ਮੁੱਖ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਭਾਵੇਂ ਮੰਨਿਆ ਕਿ ਉਪਜੇ ਮਾਮਲੇ ਸਬੰਧੀ ਸੰਗਤ ’ਚ ਕਾਫੀ ਰੋਸ ਹੈ, ਪ੍ਰੰਤੂ ਨਾਲ ਹੀ ਇਹ ਵੀ ਆਖਿਆ ਕਿ ਗੁਰੂ ਘਰਾਂ ਨੂੰ ਸਰਕਾਰੀ ਸਨਮਾਨ ਸ਼ੋਭਾ ਨਹੀਂ ਦਿੰਦੇ।
ਗੁਰੂ ਘਰ ਦੇ ਪ੍ਰਬੰਧਕਾਂ ਨੂੰ ਵੀ ਦਿੱਤਾ ਜਾਵੇਗਾ ਪ੍ਰਸ਼ੰਸਾ ਪੱਤਰ: ਨਿਗਮ ਕਮਿਸ਼ਨਰ
ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਅਸਲ ਵਿੱਚ ਰਾਧਾ ਸਵਾਮੀ ਡੇਰੇ ਵੱਲੋਂ ਕਰੋਨਾਵਾਇਰਸ ਸਬੰਧੀ ਸੇਵਾ ਕਾਰਜ ਸਮਾਪਤ ਕਰ ਦਿੱਤਾ ਗਿਆ ਸੀ, ਇਸ ਕਰ ਕੇ ਡੇਰਾ ਪ੍ਰਬੰਧਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਦਿੱਤਾ ਦਿੱਤਾ ਗਿਆ ਹੈ, ਪ੍ਰੰਤੂ ਗੁਰਦੁਆਰੇ ਦੀ ਸੇਵਾ ਹਾਲੇ ਜਾਰੀ ਹੈ ਅਤੇ ਅੱਗੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਕਾਇਦਾ ਗੁਰੂ ਘਰ ਦੇ ਪ੍ਰਬੰਧਕਾਂ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।