ਗੁਰਨਾਮ ਸਿੰਘ ਅਕੀਦਾ
ਪਟਿਆਲਾ, 27 ਅਕਤੂਬਰ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ (1680), ਜ਼ਿਲ੍ਹਾ ਕਮੇਟੀ ਵੱਲੋਂ ਇੱਥੇ ਜ਼ਿਲ੍ਹਾ ਮੰਡੀ ਅਫ਼ਸਰ ਦੇ ਦਫ਼ਤਰ ਅੱਗੇ ਸਰਕਾਰ ਦੀ ਅਰਥੀ ਸਾੜੀ ਗਈ ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਿਚਲੀਆਂ ਤਕਰੀਬਨ 153 ਮਾਰਕੀਟ ਕਮੇਟੀਆਂ ਵਿੱਚ ਪਿਛਲੀਆਂ ਸਰਕਾਰ ਨੇ ਰੈਗੂਲਰ ਮੁਲਾਜ਼ਮਾਂ ਦੀਆਂ ਸੇਵਾ-ਮੁਕਤੀਆਂ ਉਪਰੰਤ ਖ਼ਾਲੀ ਹੋਈਆਂ ਤੀਜਾ ਅਤੇ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਅਸਾਮੀਆਂ ਲਈ 452 ਮੁਲਾਜ਼ਮਾਂ ਦੀ ਭਰਤੀ ਠੇਕਾ ਆਧਾਰਿਤ ਤੇ ਆਊਟਸੋਰਸ ਨੀਤੀ ਰਾਹੀਂ ਕੀਤੀ ਸੀ।
ਇਨ੍ਹਾਂ ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਮਾਰਕੀਟ ਕਮੇਟੀ ਪਟਿਆਲਾ, ਸਮਾਣਾ, ਨਾਭਾ, ਡਕਾਲਾ, ਦੁੱਧਣ ਸਾਧਾ ਤੇ ਭਾਦਸੋਂ ਵਿੱਚ ਸਕੱਤਰ ਮਾਰਕੀਟ ਕਮੇਟੀਆਂ ਰਾਹੀਂ ਇਨ੍ਹਾਂ ਮੁਲਾਜ਼ਮਾਂ ਨੂੰ ਕੰਮਾਂ ਤੋਂ ਫ਼ਾਰਗ ਕਰਨ ਦੇ ਨੋਟਿਸ ਜਾਰੀ ਕਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਇਹੋ ਵਰਤਾਰਾ ਬਾਕੀ ਮਾਰਕੀਟ ਕਮੇਟੀਆਂ ਵਿੱਚ ਵੀ ਵਾਪਰਨ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਪਿਛਲੇ ਪੰਜ ਸਾਲਾਂ ਤੋਂ ਰੋਜ਼ੀ-ਰੋਟੀ ਲਈ ਮਿਹਨਤ ਕਰਕੇ ਨਿਗੂਣੀਆਂ ਤਨਖ਼ਾਹਾਂ ’ਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਰਹੇ ਹਨ। ਉਨ੍ਹਾਂ ਨੂੰ ਸਰਕਾਰ ਨੇ ਪੱਕਾ ਕਰਨ ਦੀ ਬਜਾਏ ਘਰਾਂ ਨੂੰ ਤੋਰਨ ਦੇ ਨੋਟਿਸ ਜਾਰੀ ਕਰ ਦਿੱਤੇ ਹਨ।
ਇਸੇ ਦੌਰਾਨ ਮਾਰਕੀਟ ਕਮੇਟੀ ਪਟਿਆਲਾ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੇ ਧਰਨੇ ਅਤੇ ਮਾਰਕੀਟ ਕਮੇਟੀ ਸਮਾਣਾ ਦੇ ਧਰਨੇ ਦਾ ਵੀ ਸਮਰਥਨ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ, ਦੀਪ ਚੰਦ ਹੰਸ, ਰਾਮ ਕਿਸ਼ਨ, ਮਾਧੋ ਰਾਹੀ, ਸਵਰਨ ਬੰਗਾ, ਰਾਮ ਲਾਲ ਰਾਮਾ, ਹਰਵਿੰਦਰ ਸਿੰਘ ਤੇ ਸੰਜੀਵ ਕੁਮਾਰ ਹਾਜ਼ਰ ਸਨ।