ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਅਕਤੂਬਰ
ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਕਥਿਤ ਟਾਲਮਟੋਲ ਖ਼ਿਲਾਫ਼ ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਸਥਾਨਕ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਸਾਂਝੇ ਫਰੰਟ ਦੇ ਆਗੂਆਂ ਧਨਵੰਤ ਸਿੰਘ ਭੱਠਲ, ਗੁਰਦੀਪ ਸਿੰਘ ਵਾਲੀਆ, ਕਰਮ ਚੰਦ ਭਾਰਦਵਾਜ, ਲਖਵਿੰਦਰ ਸਿੰਘ ਖਾਨਪੁਰ ਤੇ ਹਿੰਮਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸੰਗਰੂਰ ਸਥਿਤ ਰਿਹਾਇਸ਼ ’ਤੇ ਸਾਂਝੇ ਫਰੰਟ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਸਰਕਾਰ ਬਣਨ ’ਤੇ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ। ਇਸੇ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਭੱਤੇ ਬਹਾਲ ਕੀਤੇ ਜਾਣਗੇ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਸ੍ਰੀ ਚੀਮਾ ਨੇ ਇਸੇ ਤਰ੍ਹਾਂ ਦੇ ਭਰੋਸੇ ਬਤੌਰ ਵਿੱਤ ਮੰਤਰੀ ਵੀ ਦਿੱਤੇ ਪਰ ਅਜੇ ਤੱਕ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਸਾਂਝੇ ਫਰੰਟ ਨੂੰ ਮੁੜ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ ਹੈ।
ਸਾਂਝੇ ਫਰੰਟ ਦੇ ਆਗੂਆਂ ਅਤਿੰਦਰ ਘੱਗਾ, ਜਗਜੀਤ ਸਿੰਘ ਦੁਆ, ਸੁਰਿੰਦਰ ਖਾਲਸਾ, ਜਸਵੀਰ ਖੋਖਰ, ਰਾਮ ਚੰਦ ਧਾਮੋਮਾਜਰਾ, ਜਸਵੰਤ ਸਿੰਘ ਕਾਹਲੋਂ, ਹਰਿੰਦਰਪਾਲ ਸ਼ਰਮਾ ਤੇ ਬੀਨਾ ਘੱਗਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਟਾਲ-ਮਟੋਲ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਨੂੰ ਸਬਜ਼ਬਾਗ ਦਿਖਾਏ ਗਏ ਅਤੇ ਹੁਣ ਇਨ੍ਹਾਂ ਮਸਲਿਆਂ ਬਾਰੇ ਸਰਕਾਰ ਨੇ ਚੁੱਪ ਧਾਰ ਲਈ ਹੈ ।
ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ
ਸੰਗਰੂਰ (ਗੁਰਦੀਪ ਸਿੰਘ ਲਾਲੀ): ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਬੇਰੁਖੀ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸਰਕਾਰ ਦਾ ਪੁਤਲਾ ਫ਼ੂਕਿਆ ਤੇ ਮੰਗਾਂ ਦਾ ਜਲਦ ਨਿਪਟਾਰਾ ਨਾ ਹੋਣ ’ਤੇ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਇਸ ਮੌਕੇ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੂਬਾਈ ਆਗੂਆਂ ਅਵਿਨਾਸ਼ ਚੰਦਰ ਸ਼ਰਮਾ, ਸੁਖਦੇਵ ਸਿੰਘ ਚੰਗਾਲੀਵਾਲਾ, ਰਾਜ ਕੁਮਾਰ ਅਰੋੜਾ, ਹਰਜੀਤ ਸਿੰਘ ਬਾਲੀਆ ਅਤੇ ਸਰਬਜੀਤ ਸਿੰਘ ਪੁੰਨਾਵਾਲ ਨੇ ਕਿਹਾ ਕਿ ਚੋਣਾਂ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦੇ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਵੱਲੋਂ ਹੁਣ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਾਂ ’ਚ ਵਾਧਾ ਕੀਤਾ ਜਾਵੇ, 10 ਫੀਸਦ ਡੀਏ ਜਾਰੀ ਕੀਤਾ ਜਾਵੇ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, ਆਂਗਣਵਾੜੀ, ਮਿੱਡ-ਡੇਅ ਮੀਲ ਵਰਕਰਾਂ ਤੇ ਆਸ਼ਾ ਵਰਕਰਾਂ ’ਤੇ ਘੱਟੋ-ਘੱਟ ਉਜਰਤਾਂ ਲਾਗੂ ਕੀਤੀਆਂ ਜਾਣ ਅਤੇ ਪੇਂਡੂ ਭੱਤੇ ਸਮੇਤ ਕੱਟੇ ਭੱਤੇ ਬਹਾਲ ਕੀਤੇ ਜਾਣ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਭਵਿੱਖ ਵਿੱਚ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੱਘਰ ਸਿੰਘ ਸੋਹੀ, ਬੱਬਨਪਾਲ ਸਿੰਘ, ਮਾਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਕੌਰ, ਗੁਰਚਰਨ ਸਿੰਘ, ਕੁਲਵੰਤ ਸਿੰਘ, ਪ੍ਰੀਤਮ ਸਿੰਘ ਧੂਰਾ, ਦੇਵੀ ਦਿਆਲ, ਮਨਪ੍ਰੀਤ ਸਿੰਘ ਟਿੱਬਾ, ਬਲਵੀਰ ਚੰਦ ਲੌਂਗੋਵਾਲ, ਫਕੀਰ ਸਿੰਘ ਟਿੱਬਾ, ਚੇਤ ਸਿੰਘ, ਜਰਨੈਲ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।