ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੀਤੀ ਸੰਘਰਸ਼ ਦੀ ਹਮਾਇਤ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 21 ਅਕਤੂਬਰ
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦੀ ਮਾਲੇਰਕੋਟਲਾ ਇਕਾਈ ਨੇ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਮੈਂਬਰ ਪ੍ਰੋ. ਪਰਮਜੀਤ ਸਿਘ ਢਿੱਲੋਂ ਅਤੇ ਪ੍ਰੋ. ਮੁਹੰਮਦ ਸ਼ਾਹਿਦ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਕਾਲਜ ਵਿਖੇ ਧਰਨਾ ਦੇ ਕੇ ਮੰਗ ਕੀਤੀ ਕਿ ਪੰਜਾਬ ਸਰਕਾਰ ਪਿਛਲੇ ਕਰੀਬ 20 ਸਾਲਾਂ ਤੋਂ ਸਰਕਾਰੀ ਕਾਲਜਾਂ ’ਚ ਪੜ੍ਹਾ ਰਹੇ 962 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਸੁਰੱਖਿਅਤ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸਰਕਾਰੀ ਖ਼ਜ਼ਾਨੇ ‘ਚੋਂ 56100 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦੇਣ ਦਾ ਐਲਾਨ ਕਰੇ। ਇਸ ਮੌਕੇ ਪ੍ਰੋਫੈਸਰ ਪਰਮਜੀਤ ਸਿੰਘ ਢਿੱਲੋਂ ਅਤੇ ਪ੍ਰੋਫੈਸਰ ਮੁਹੰਮਦ ਸ਼ਾਹਿਦ ਨੇ ਕਿਹਾ ਕਿ ਪੰਜਾਬ ਦੇ 48 ਸਰਕਾਰੀ ਕਾਲਜਾਂ ਵਿੱਚ ਕਾਲਜ ਅਧਿਆਪਕਾਂ ਦੀਆਂ 1873 ਅਸਾਮੀਆਂ ਹਨ, ਜਿਨ੍ਹਾਂ ਵਿਚੋਂ 962 ਅਸਾਮੀਆਂ ‘ਤੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਕਰ ਰਹੇ ਹਨ । 417 ਦੇ ਕਰੀਬ ਮਨਜ਼ੂਰਸ਼ੁਦਾ ਅਸਾਮੀਆਂ ਖਾਲੀ ਪਈਆਂ ਹਨ ਅਤੇ ਨਵੇਂ ਖੋਲ੍ਹੇ ਸਰਕਾਰੀ ਕਾਲਜਾਂ ਵਿਚ ਵੀ 160 ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਤੋਂ ਪੀ.ਟੀ.ਏ ਫੰਡ ਉਗਰਾਹ ਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਤਨਖ਼ਾਹ ਦਿੱਤੀ ਜਾਂਦੀ ਹੈ, ਜਿਸ ਨਾਲ ਗ਼ਰੀਬ ਵਿਦਿਆਰਥੀ ਪੀ.ਟੀ.ਏ ਫੰਡਾਂ ਦਾ ਬੋਝ ਨਾ ਝੱਲਣ ਕਰਕੇ ਉੱਚ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਸਰਕਾਰੀ ਕਾਲਜਾਂ ‘ਚ ਪੜ੍ਹਾ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਤੋਂ ਰੁਜ਼ਗਾਰ ਖੋਹਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਰੋਲ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰੇ, ਜਿਨ੍ਹਾਂ ‘ਤੇ ਕੋਈ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਐਸੋਸੀਏਸ਼ਨ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਐਸੋਸੀਏਸ਼ਨ ਸੰਘਰਸ਼ ਕਰੇਗੀ। ਉਧਰ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਐਸੋਸੀਏਸ਼ਨ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ।
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦਾ ਆਗੂ ਧਰਨੇ ਨੂੰ ਸੰਬੋਧਨ ਕਰਦਾ ਹੋਇਆ।-ਫੋਟੋ:ਰਾਣੂ