Protest: ਨਿਗਮ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਇੱਕ ਰੋਜ਼ਾ ਹੜਤਾਲ ਕਰ ਕੇ ਕੰਮ ਬੰਦ ਰੱਖਿਆ; ਪੱਕੇ ਕਰਨ ਦੀ ਮੰਗ ਲੲੀ ਸੰਘਰਸ਼ ਸ਼ੁਰੂ
ਨਗਰ ਨਿਗਮ ਕਰਮਚਾਰੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਸ਼ਹਿਰ ਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਇੱਕ ਰੋਜ਼ਾ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਮਾਤਾ ਰਾਣੀ ਚੌਕ ਸਥਿਤ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਦੇ ਬਾਹਰ ਇਕੱਠੇ ਹੋਏ ਸੈਂਕੜੇ ਮੁਲਾਜ਼ਮਾਂ ਨੇ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਚੁੱਕੀ। ਪ੍ਰਦਰਸ਼ਨ ਨੂੰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸਮਰਥਨ ਦਿੱਤਾ।
ਸੰਘਰਸ਼ ਕਮੇਟੀ ਦੇ ਆਗੂਆਂ ਨਰੇਸ਼ ਧੀਂਗਾਨ ਤੇ ਚੌਧਰੀ ਯਸ਼ਪਾਲ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਵਿੱਚ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ ਤੇ ਹੋਰਨਾਂ ਕੌਂਸਲਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਨਿਗਮਾਂ ਤੇ ਨਗਰ ਪੰਚਾਇਤਾਂ ’ਚ ਤਾਇਨਾਤ ਮਾਲੀ, ਬੇਲਦਾਰ, ਡਰਾਈਵਰ ਤੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕੀਤਾ ਜਾਵੇ।
ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ ਦੇ 26 ਵਾਰਡਾਂ ਵਿੱਚ ਸੀਵਰੇਜ ਦਾ ਕੰਮ ਠੇਕੇ ’ਤੇ ਦੇਣ ਅਤੇ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੇ ਕੰਮ ਦੇ ਨਿੱਜੀਕਰਨ ਦੇ ਮਤੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਜਿਹੜੇ ਮੁਲਾਜ਼ਮ ਉਮਰ ਹੱਦ ਪਾਰ ਕਰ ਚੁੱਕੇ ਹਨ, ਨੂੰ ਵਿਸ਼ੇਸ਼ ਰਾਹਤ ਦੇ ਕੇ ਪੱਕਾ ਕੀਤਾ ਜਾਵੇ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਵਧੀਕ ਕਮਿਸ਼ਨਰ ਤੇ ਜ਼ੋਨਲ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ’ਤੇ ਜਲਦ ਕੋਈ ਠੋਸ ਕਾਰਵਾਈ ਨਾ ਹੋਈ ਤਾਂ 27 ਮਈ ਨੂੰ ਜ਼ੋਨ-ਏ ’ਚ ਹੋਣ ਵਾਲੀ ਮੀਟਿੰਗ ਦੌਰਾਨ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਅਧਿਕਾਰੀਆਂ ਨੇ ਮੁਲਾਜ਼ਮਾਂ ਨੂੰ ਸਹੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

