‘ਮਗਨਰੇਗਾ’ ਦੀ ਬਹਾਲੀ ਲਈ ਪ੍ਰਦਰਸ਼ਨ
ਤਿੰਨ ਕਮਿਊਨਿਸਟ ਪਾਰਟੀਆਂ ਨੇ ‘ਮਗਨਰੇਗਾ’ ਸਕੀਮ ਖਤਮ ਕਰਨ ਵਿਰੁੱਧ ਅੱਜ ਇੱਥੇ ਜ਼ਿਲ੍ਹਾ ਕਚਹਿਰੀਆਂ ਦੇ ਸਾਹਮਣੇ ਧਰਨਾ ਦੇਣ ਸਣੇ ਰੋਸ ਮੁਜ਼ਾਹਰਾ ਕਰਕੇ ਮੋਦੀ ਹਕੂਮਤ ਖ਼ਿਲਾਫ਼ ਰੋਸ ਪ੍ਰਗਟਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ ਭਾਰਤੀ...
ਤਿੰਨ ਕਮਿਊਨਿਸਟ ਪਾਰਟੀਆਂ ਨੇ ‘ਮਗਨਰੇਗਾ’ ਸਕੀਮ ਖਤਮ ਕਰਨ ਵਿਰੁੱਧ ਅੱਜ ਇੱਥੇ ਜ਼ਿਲ੍ਹਾ ਕਚਹਿਰੀਆਂ ਦੇ ਸਾਹਮਣੇ ਧਰਨਾ ਦੇਣ ਸਣੇ ਰੋਸ ਮੁਜ਼ਾਹਰਾ ਕਰਕੇ ਮੋਦੀ ਹਕੂਮਤ ਖ਼ਿਲਾਫ਼ ਰੋਸ ਪ੍ਰਗਟਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਤਹਿਸੀਲ ਸਕੱਤਰ ਬਲਕਾਰ ਸਿੰਘ ਮੰਡੀ ਕਲਾਂ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਦੇ ਬੁਲਾਰੇ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਗਨਰੇਗਾ ਕਾਨੂੰਨ-2005 ਨੂੰ ਖਤਮ ਕਰਕੇ ਮਜ਼ਦੂਰਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ। ਉਨ੍ਹਾਂ ਆਖਿਆ ਕਿ ਨਵੇਂ ਬਣਾਏ ‘ਰੁਜ਼ਗਾਰ ਗਾਰੰਟੀ ਕਾਨੂੰਨ’ ਵਿੱਚ ਮਜ਼ਦੂਰਾਂ ਦਾ ਕੰਮ ਮੰਗਣ ਦਾ ਮੁੱਢਲਾ ਅਧਿਕਾਰ ਹੀ ਖਤਮ ਕਰ ਦਿੱਤਾ ਗਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਮਗਨਰੇਗਾ ਦਾ ਪੁਰਾਣਾ ਕਾਨੂੰਨ ਬਹਾਲ ਕੀਤਾ ਜਾਵੇ, 200 ਦਿਨ ਕੰਮ ਗਾਰੰਟੀ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ। ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ‘ਬਿਜਲੀ ਸੋਧ ਬਿੱਲ-2025’ ਅਤੇ ‘ਸੀਡ ਬਿੱਲ’ ਦਾ ਸਖ਼ਤ ਵਿਰੋਧ ਕਰਦਿਆਂ ਮੰਗ ਕੀਤੀ ਕਿ ਬਿਜਲੀ ਅਤੇ ਖੇਤੀ ਲਈ ਸਰਕਾਰੀ ਢਾਂਚੇ ਦਾ ਵਿਕਾਸ ਕੀਤਾ ਜਾਵੇ ਅਤੇ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਪ੍ਰਾਈਵੇਟ ਦਾਖ਼ਲਾ ਬਿਲਕੁਲ ਬੰਦ ਕਰੇ।
ਮਜ਼ਦੂਰ ਆਗੂ ਮਿੱਠੂ ਸਿੰਘ ਘੁੱਦਾ, ਮੁਲਾਜ਼ਮ ਆਗੂ ਪੂਰਨ ਸਿੰਘ ਗੁੰਮਟੀ ਨੇ ਮੰਗ ਕੀਤੀ ਕਿ ਲੇਬਰ ਕੋਡ’ਜ਼ ਰੱਦ ਕੀਤੇ ਜਾਣ ਅਤੇ ਮਜ਼ਦੂਰਾਂ ਦੇ ਹੱਕ ਬਹਾਲ ਕੀਤੇ ਜਾਣ।
ਫਰੀਦਕੋਟ (ਕਮਲਜੀਤ ਕੌਰ): ਕੇਂਦਰੀ ਸਰਕਾਰ ਵੱਲੋਂ ਪਿਛਲੇ ਦਿਨੀਂ ਮਨਰੇਗਾ ਸਕੀਮ ਨੂੰ ਖਤਮ ਕਰਨ ਸਬੰਧੀ ਲੋਕ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਦੇ ਵਿਰੋਧ ਵਿੱਚ ਅੱਜ ਭਾਰਤੀ ਕਮਿਊਨਿਸਟ ਪਾਰਟੀ ਅਤੇ ਏਟਕ ਦੇ ਸੱਦੇ ‘ ਤੇ ਸਥਾਨਕ ਸ਼ਹੀਦ ਅਮੋਲਕ ਸਿੰਘ ਔਲਖ ਭਵਨ ਵਿੱਚ ਰੋਸ ਰੈਲੀ ਕਰਨ ਤੋਂ ਬਾਅਦ ਫਰੀਦਕੋਟ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਅਤੇ ਗਲੀ ਮਹੱਲਿਆਂ ਵਿੱਚ ਮੋਦੀ ਸਰਕਾਰ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਕੇ ਰੋਸ ਮਾਰਚ ਕੀਤਾ ਗਿਆ। ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਅਸ਼ੋਕ ਕੌਸ਼ਲ, ਵੀਰ ਸਿੰਘ ਕੰਮੇਆਣਾ , ਗੋਰਾ ਪਿੱਪਲੀ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਪੱਪੀ ਢਿਲਵਾਂ, ਰਾਮ ਸਿੰਘ ਚੈਨਾ ਨੇ ਸੰਬੋਧਨ ਕੀਤਾ।
ਮਾਨਸਾ( ਜੋਗਿੰਦਰ ਸਿੰਘ ਮਾਨ): ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਲਿਆਂਦੇ ’ਜੀ ਰਾਮ ਜੀ’ ਬਿੱਲ ਦਾ ਮਾਮਲਾ ਹੁਣ ਮਾਲਵਾ ਖੇਤਰ ਵਿੱਚ ਭਖਣ ਲੱਗਿਆ ਹੈ, ਜਿਸ ਨੂੰ ਲੈ ਕੇ ਅੱਜ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਮਾਨਸਾ ਵਿਖੇ ਸੀਪੀਆਈ ਅਤੇ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਵਲੋਂ ਰੋਸ ਰੈਲੀ ਕੀਤੀ ਗਈ ਅਤੇ ਨਵੇਂ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਲੇਬਰ ਚੌਂਕ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਰੈਲੀ ਦੌਰਾਨ ਜੁੜੇ ਇਕੱਠ ਨੂੰ ਕਾਮਰੇਡ ਜਸਬੀਰ ਕੌਰ ਨੱਤ,ਕ੍ਰਿਸ਼ਨ ਚੌਹਾਨ ਨੇ ਸੰਬੋਧਨ ਕੀਤਾ।
ਮਜ਼ਦੂਰ ਵਿਰੋਧੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ
ਬਰਨਾਲਾ (ਪਰਸ਼ੋਤਮ ਬੱਲੀ): ਮੋਦੀ ਸਰਕਾਰ ਵਲੋਂ ਪਿਛਲੇ ਵੀਹ ਸਾਲ ਤੋਂ ਚੱਲ ਰਹੀ ਮਗਨਰੇਗਾ ਸਕੀਮ ਦਾ ਕਥਿਤ ਤੌਰ ‘ਤੇ ਖਾਤਮਾ ਕਰਨ ਲਈ ਲਿਆਂਦਾ ਨਵਾਂ ਕਾਨੂੰਨ ‘ਜੀ ਰਾਮ ਜੀ’ ਦਾ ਵਿਰੋਧ ਕਰਦਿਆਂ ਸੀ ਪੀ ਆਈ (ਐਮ) ਅਤੇ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਵਲੋਂ ਅੱਜ ਸਥਾਨਕ ਡੀ ਸੀ ਦਫ਼ਤਰ ਦੇ ਗੇਟ ‘ਤੇ ਰੋਸ ਪ੍ਰਦਰਸ਼ਨ ਕੀਤਾ ਤੇ ਮਜ਼ਦੂਰ ਵਿਰੋਧੀ ਬਿਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਉਪਰੰਤ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਰੈਲੀ ਨੂੰ ਸੀਪੀਐੱਮ ਦੇ ਸਾਬਕਾ ਵਿਧਾਇਕ ਕਾ.ਚੰਦ ਸਿੰਘ ਚੋਪੜਾ, ਲਿਬਰੇਸ਼ਨ ਦੇ ਕਾ. ਗੁਰਪ੍ਰੀਤ ਰੂੜੇਕੇ ਤੇ ਸੀਪੀਐੱਮ ਦੇ ਜ਼ਿਲ੍ਹਾ ਸਕੱਤਰ ਰਾਜਿੰਦਰ ਸਿੰਘ ਕਾਹਨੇਕੇ ਨੇ ਸੰਬੋਧਨ ਕੀਤਾ।

