ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 16 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬ੍ਰਾਂਚ ਭੁਨਰਹੇੜੀ ਕਮੇਟੀ ਵੱਲੋਂ ਵਿਸ਼ਾਲ ਇਕੱਠ ਕਰਨ ਉਪਰੰਤ ਕਾਲੇ ਝੰਡੇ ਲੈ ਕੇ ਆਜ਼ਾਦੀ ਦਿਹਾੜੇ ਮੌਕੇ ਰੋਸ ਮਾਰਚ ਕੀਤਾ ਗਿਆ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਆਗੂ ਗੁਰਚਰਨ ਸਿੰਘ ਖਾਕਟਾਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ ਲੰਮੇ ਅਰਸੇ ਤੋਂ ਇਨਲਿਸਟਮੈਂਟ/ਆਊਟਸੋਰਸ ਅਧੀਨ ਸੇਵਾਵਾਂ ਦੇ ਰਹੇ ਵਰਕਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਲਈ ਸਰਕਾਰਾਂ ਨਾਕਾਮ ਸਾਬਿਤ ਹੋ ਰਹੀਆਂ ਹਨ। ਸਰਕਾਰੀ ਵਿਭਾਗਾਂ ਵਿੱਚ ਠੇਕੇਦਾਰੀ ਦਾ ਸੰਤਾਪ ਹੰਢਾ ਰਹੇ ਕਾਮੇ ਆਪਣਾ ਰੁਜ਼ਗਾਰ ਬਚਾਉਣ ਲਈ ਸੜਕਾਂ ’ਤੇ ਉਤਰਣ ਲਈ ਮਜਬੂਰ ਹਨ। ਇਸ ਕਾਰਨ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 15 ਅਗਸਤ ਨੂੰ ਸਰਕਾਰਾਂ ਖਿਲਾਫ਼ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਤਹਿਤ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।