ਤੇਲ ਕੀਮਤਾਂ ’ਚ ਵਾਧੇ ਦੇ ਵਿਰੋਧ ਵਿੱਚ ਮੁਜ਼ਾਹਰੇ
ਪੈਟਰੋਲ ਤੇ ਡੀਜ਼ਲ ਦੇ ਭਾਅ ਘਟਾੳੁਣ ਦੀ ਮੰਗ ਕੀਤੀ; ਫ਼ੈਸਲਾ ਵਾਪਸ ਨਾ ਲੈਣ ’ਤੇ ਸੰਘਰਸ਼ ਦੀ ਚਿਤਾਵਨੀ
ਆਰ ਐੱਮ ਪੀ ਆਈ ਅਤੇ ਸੀ ਪੀ ਆਈ (ਐੱਮ ਐੱਲ) ਵੱਲੋਂ ਸਾਂਝੇ ਤੌਰ ’ਤੇ ਅੱਜ ਸਮਰਾਲਾ ਚੌਕ ਵਿੱਚ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਾਈਆਂ ਕੀਮਤਾਂ ਦੇ ਵਿਰੋਧ ਵਿੱਚ ਮੁਜ਼ਾਹਰਾ ਕੀਤਾ ਗਿਆ।
ਆਰ ਐੱਮ ਪੀ ਆਈ ਦੇ ਸੂਬਾ ਕਮੇਟੀ ਮੈਂਬਰ ਜਗਦੀਸ਼ ਚੰਦ, ਸੀ ਪੀ ਆਈ ਐੱਮ ਐੱਲ ਦੇ ਜ਼ਿਲ੍ਹਾ ਸਕੱਤਰ ਜੈ ਪ੍ਰਕਾਸ਼ ਨਾਰਾਇਣ ਅਤੇ ਆਰ ਐੱਮ ਪੀ ਆਈ ਦੇ ਜ਼ਿਲ੍ਹਾ ਮੈਂਬਰ ਬਲਰਾਜ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਹਨ, ਜਦਕਿ ਗਰੀਬ ਅਤੇ ਮੱਧ ਵਰਗ ’ਤੇ ਮਹਿੰਗਾਈ ਦਾ ਵੱਧ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮਿਹਨਤਕਸ਼ ਲੋਕਾਂ ਦੀ ਘੱਟੋ-ਘੱਟ ਉਜਰਤ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ। ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕ ਵਿਰੋਧੀ ਨੀਤੀਆਂ ਵਾਪਸ ਨਾ ਲਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਜੀਤ ਕੁਮਾਰ, ਤਹਿਸੀਲਦਾਰ, ਭੋਲਾ ਯਾਦਵ ਵੀ ਹਾਜ਼ਰ ਸਨ।
ਗੁਰੂਸਰ ਸੁਧਾਰ (ਸੰਤੋਖ ਗਿੱਲ): ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਤੇਲ, ਗੈਸ ਅਤੇ ਖਾਦ ਪਦਾਰਥਾਂ ਦੀ ਕੀਮਤਾਂ ਵਿੱਚ ਵਾਧੇ ਦੇ ਰੋਸ ਵਜੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕਸਬਾ ਜੋਧਾਂ ਦੇ ਬਾਜ਼ਾਰ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਡਾ. ਜਸਵਿੰਦਰ ਸਿੰਘ ਕਾਲਖ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਬੈਨੀਪਾਲ, ਸਕੱਤਰ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੰਗ ਦਾ ਬਹਾਨਾ ਬਣਾ ਕੇ ਤੇਲ, ਗੈਸ ਅਤੇ ਖਾਦ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਕੇ ਆਮ ਲੋਕਾਂ ਦੀਆਂ ਜੇਬਾਂ ਉੱਪਰ ਡਾਕਾ ਮਾਰਿਆ ਹੈ। ਆਗੂਆਂ ਵਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਅੰਦੋਲਨ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ।
ਡਾ. ਜਸਵਿੰਦਰ ਸਿੰਘ ਕਾਲਖ, ਹਰਨੇਕ ਸਿੰਘ ਗੁੱਜਰਵਾਲ ਅਤੇ ਕੁਲਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ‘ਲੋਕਾਂ ਕੋਲ ਚੱਲੋ’ ਦੇ ਨਾਅਰੇ ਤਹਿਤ 19 ਮਈ ਤੋਂ 28 ਮਈ ਤੱਕ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ। ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਸੁਰਜੀਤ ਸਿੰਘ ਸੀਲੋਂ, ਜੋਧਾਂ ਬਜ਼ਾਰ ਦੀ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗਰੇਵਾਲ, ਅਮਰਜੀਤ ਸਿੰਘ ਸਹਿਜਾਦ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

