ਹਰਦੀਪ ਸਿੰਘ ਸੋਢੀ
ਧੂਰੀ, 2 ਮਾਰਚ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਮਕੌਰ ਸਿੰਘ ਹਥਨ, ਹਰਬੰਸ ਸਿੰਘ ਲੱਡਾ, ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 153ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਅੱਜ ਵੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ 8 ਮਾਰਚ ਨੂੰ ਦਿੱਲੀ ਵਿੱਚ ਕੌਮਾਂਤਰੀ ਔਰਤ ਦਿਵਸ ਮਨਾਇਆ ਜਾ ਰਿਹਾ ਜਿਸ ਵਿੱਚ ਔਰਤਾਂ ਦਾ ਵਿਸ਼ਾਲ ਇਕੱਠ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਔਰਤ ਦਿਵਸ ਵਿੱਚ ਸਿਰਫ ਟਰੈਕਟਰ ਦੇ ਡਰਾਈਵਰ ਨੂੰ ਛੱਡ ਕੇ ਔਰਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਜਿੰਨਾ ਵੀ ਲੰਮਾ ਚੱਲੇਗਾ,ਕਿਸਾਨ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ 5 ਤੇ 6 ਮਾਰਚ ਨੂੰ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ। ਇਸ ਮੌਕੇ ਗੁਰੀ ਮਾਨ ਧੂਰੀ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਸੁਖਜੀਤ ਸਿੰਘ ਲੱਡਾ, ਬਲਜੀਤ ਕੌਰ, ਹਾਜ਼ਰ ਸਨ।
ਲਹਿਲ ਖੁਰਦ ਧਰਨਾ ’ਤੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਖੇਤੀ ਕਾਨੂੰਨਾਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ਤੇ ਧਰਨਾ ਜਾਰੀ 154ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ , ਬਹਾਦਰ ਸਿੰਘ ਭੁਟਾਲ ਖੁਰਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ,ਰਾਮ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਹਰਜਿੰਦਰ ਸਿੰਘ ਨੰਗਲਾ, ਜਸ਼ਨਦੀਪ ਕੋਰ ਪਿਸ਼ੌਰ , ਕਰਮਜੀਤ ਕੌਰ ਭੁਟਾਲ ਕਲਾਂ ਨੇ ਕਿਹਾ ਕਿ ਜੇਕਰ ਇਹਨਾਂ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਜੜ੍ਹੋਂ ਖ਼ਤਮ ਕਰਵਾਉਣਾ ਹੈ ਤਾਂ ਸਾਨੂੰ ਹੋਰ ਵੱਡੀ ਤਿਆਰੀ ਕਰਨ ਦੀ ਲੋੜ ਹੈ। ਉਨ੍ਹਾਂ ਕਿ 5 ਮਾਰਚ ਨੂੰ ਪਿੰਡਾਂ ਵਿੱਚ ਔਰਤਾਂ ਟਰੈਕਟਰ ਮਾਰਚ ਕਰਨਗੀਆਂ।