ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 2 ਨਵੰਬਰ
ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀਐੱਸਈਬੀ ਐਂਪਲਾਈਜ਼ ਫੈੱਡਰੇਸ਼ਨ, ਵਰਕਰਜ਼ ਫੈਡਰੇਸ਼ਨ (ਇੰਟਕ) ਪੀਐਸਪੀਸੀਐਲ/ਪੀਐਸਟੀਸੀਐਲ, ਐਂਪਲਾਈਜ਼ ਫੈਡਰੇਸ਼ਨ ਪੀਐਸਈਬੀ, ਪੀਐਸਈਬੀ ਕਰਮਚਾਰੀ ਦਲ, ਮਨਿਸਟੀਰੀਅਲ ਸਰਵਿਸਜ ਯੂਨੀਅਨ, ਪੀਐੱਸਈਬੀ ਥਰਮਲ ਐਂਪਲਾਈਜ਼ ਕੋਆਰਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਸੰਘ ਅਤੇ ਪੀਐੱਸਈਬੀ ਹੈਡ ਆਫਿਸ ਐਂਪਲਾਈਜ਼ ਫੈੱਡਰੇਸ਼ਨ ਦੇ ਬਿਜਲੀ ਕਾਮੇ 10 ਨਵੰਬਰ ਨੂੰ ਪਾਵਰਕੌਮ ਅਤੇ ਟਰਾਂਸਕੋ ਦੇ ਪਟਿਆਲਾ ਵਿੱਚ ਮੁੱਖ ਦਫ਼ਤਰਾਂ ਦੇ ਤਿੰਨ ਗੇਟਾਂ ’ਤੇ ਪ੍ਰਦਰਸ਼ਨ ਕਰਨਗੇ। ਜਥੇਬੰਦੀਆਂ ਦੇ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਹਰਜਿੰਦਰ ਸਿੰਘ ਦੁਧਾਲਾ, ਕੌਰ ਸਿੰਘ ਸੋਹੀ, ਕਮਲਜੀਤ ਸਿੰਘ, ਅਵਤਾਰ ਸਿੰਘ ਕੈਂਥ, ਬਲਵਿੰਦਰ ਸਿੰਘ ਸੰਧੂ, ਕਰਮਚੰਦ ਖੰਨਾ, ਸੁਖਵਿੰਦਰ ਸਿੰਘ ਦੁੰਮਨਾ, ਅਸ਼ੋਕ ਕੁਮਾਰ ਸ਼ਰਮਾ, ਨਛੱਤਰ ਸਿੰਘ ਰਣੀਆ ਅਤੇ ਗੁਰਦਿੱਤ ਸਿੰਘ ਸਿੱਧੂ ਨੇ ਦੱਸਿਆ ਕਿ ਪਾਵਰ ਮੈਨੇਜਮੈਂਟਾਂ ਜਥੇਬੰਦੀ ਨਾਲ ਕੀਤੇ ਸਮਝੌਤੇ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੈੈ। ਆਗੂਆਂ ਨੇ ਦੋਸ਼ ਲਾਇਆ ਕਿ ਮੈਨੇਜਮੈਂਟ ਮਨਮਾਨੇ ਢੰਗ ਨਾਲ 40,000 ਮਨਜ਼ੂਰ ਅਸਾਮੀਆਂ ਨੂੰ ਘਟਾ ਰਹੀ ਹੈ ਅਤੇ ਬਾਹਰੀ ਸਰੋਤਾਂ ਤੋਂ ਘਟੀਆ ਮਿਆਰ ਰਾਹੀਂ ਵਾਧੂ ਖਰਚਾ ਕਰਕੇ ਕੰਮ ਕਰਵਾ ਰਹੀ ਹੈ। ਇੱਕ ਮਤੇ ਰਾਹੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।