ਅਸ਼ਵਨੀ ਗਰਗ
ਸਮਾਣਾ, 2 ਦਸੰਬਰ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਬਲਿਕ ਕਾਲਜ ਸਮਾਣਾ ਵਿੱਚ ਵਿਦਿਆਰਥੀਆਂ ਦਾ ਇਕੱਠ ਕਰ ਕੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ਐਲਾਨ ਕੀਤਾ ਗਿਆ ਕਿ ਪਬਲਿਕ ਕਾਲਜ ਨੂੰ ਸਰਕਾਰੀ ਕਾਲਜ ਦਾ ਦਰਜਾ ਮਿਲਣ ਤੱਕ ਪੀਐੱਸਯੂ ਪੱਕੇ ਤੌਰ ’ਤੇ ਮੋਰਚਾ ਲਾਵੇਗੀ।
ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਅਕਸ਼ੇ ਘੱਗਾ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਸਮਾਣਾ ਇਲਾਕੇ ਦੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਮਹਿੰਗੀ ਕੀਮਤ ’ਤੇ ਸਿੱਖਿਆ ਲੈਣੀ ਪੈ ਰਹੀ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਅਮਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ 50 ਸਰਕਾਰੀ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਸੀ ਪਰ ਹੁਣ ਪੰਜਾਬ ਸਰਕਾਰ ਸਿਰਫ਼ 17 ਨਵੇਂ ਸਰਕਾਰੀ ਕਾਲਜ ਖੋਲ੍ਹ ਰਹੀ ਹੈ। ਇਸ ਲਈ ਜਥੇਬੰਦੀ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਾਲਜ ਬਣਾਉਣ ਦੀ ਮੰਗ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਸੰਘਰਸ਼ ਨੂੰ ਜਿੱਤ ਤੱਕ ਪਹੁੰਚਾਉਣ ਲਈ ਵਿਦਿਆਰਥੀ 6 ਦਸੰਬਰ ਦਿਨ ਤੋਂ ਕਾਲਜ ਦੇ ਮੇਨ ਗੇਟ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ।