ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਸਤੰਬਰ
ਪੰਜਾਬੀ ਯੂਨੀਵਰਸਿਟੀ ’ਚ ਹੋਏ 40 ਲੱਖ ਦੇ ਸਕਾਲਰਸ਼ਿਪ ਘੁਟਾਲੇ ਸਬੰਧੀ ਥਾਣਾ ਅਰਬਨ ਅਸਟੇਟ ਵਿਖੇ ਦਰਜ ਕੀਤੇ ਗਏ ਕੇਸ ਵਿਚ ਪੁਲੀਸ ਵੱਲੋਂ ਜਿਥੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ, ਉਥੇ ਅੱਜ ਤਿੰਨ ਹੋਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਮੁੱਖ ਮੁਲਜ਼ਮ ਨਿਸ਼ੂ ਚੌਧਰੀ ਸਮੇਤ ਆਸ਼ੂ ਅਤੇ ਸੋਨੂੰ ਦੇ ਨਾਮ ਸ਼ਾਮਲ ਹਨ। ਜਤਿੰਦਰ ਸਿੰਘ ਅਤੇ ਵਿਨੈ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ। ਪਹਿਲੀ ਅਗਸਤ 2021 ਨੂੰ ਪੰਜਾਬੀ ਯੂਨੀਵਰਸਿਟੀ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਧਾਰਾ 406, 409, 381,419,420, 465, 467, 468, 471, 201 ਅਤੇ 120 ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਥਾਣਾ ਅਰਬਨ ਅਸਟੇਟ ਦੇ ਐੱਸਐੱਚਓ ਰੌਣੀ ਸਿੰਘ ਦੀ ਅਗਵਾਈ ਹੇਠਲੀ ਟੀਮ ਵੱਲੋਂ ਤਿੰਨ ਹੋਰ ਗ੍ਰਿਫ਼ਤਾਰੀਆਂ ਦੀ ਪੁਲੀਸ ਮੁਖੀ ਨੇ ਪੁਸ਼ਟੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਪੰਜ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। ਉਂਜ ਅਜੇ ਕੁਝ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ ਸਕਾਲਰਸ਼ਿਪ ਦੇ ਮਾਮਲੇ ’ਚ ਗੜਬੜੀਆਂ ਦਾ ਪਤਾ ਲੱਗਣ ’ਤੇ ਨਵੇਂ ਆਏ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਤਿੰਨ ਮੈਂਬਰੀ ਕਮੇਟੀ ਬਣਾ ਕੇ ਇਸ ਦੀ ਜਾਂਚ ਕਰਵਾਈ ਸੀ। ਮੁੱਢਲੀ ਜਾਂਚ ਦੌਰਾਨ 40 ਲੱਖ ਦਾ ਘੁਟਾਲਾ ਸਾਹਮਣੇ ਆਉਣ ’ਤੇ ਪੁਲੀਸ ਕੋਲ ਕੇਸ ਦਰਜ ਕਰਵਾ ਦਿੱਤਾ ਸੀ। ਇਸ ਜਾਂਚ ਰਿਪੋਰਟ ਦੇ ਆਧਾਰ ’ਤੇ ਹੀ ਵਾਈਸ ਚਾਂਸਲਰ ਵੱਲੋਂ ਯੂਨੀਵਰਸਿਟੀ ਦੇ ਤਿੰਨ ਮੁਲਾਜ਼ਮਾਂ ਨੂੰ ਬਰਖਾਸਤ ਅਤੇ ਸੱਤ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮੁੱਢਲੀ ਜਾਂਚ ਮੁਤਾਬਕ ਯੂਨੀਵਰਸਿਟੀ ਦੇ ਇਹ ਮੁਲਾਜ਼ਮ ਪੁਰਾਣੇ ਵਿਦਿਆਥੀਆਂ ਦੇ ਨਾਮ ’ਤੇ ਵਜ਼ੀਫਾ ਰਾਸ਼ੀ ਜਾਰੀ ਕਰਵਾ ਕੇ ਆਪਣੇ ਜਾਣਕਾਰਾਂ ਦੇ ਬੈਂਕ ਖਾਤਿਆਂ ’ਚ ਪਾ ਦਿੰਦੇ ਸਨ। ਥਾਣਾ ਮੁਖੀ ਰੌਣੀ ਸਿੰਘ ਦਾ ਕਹਿਣਾ ਸੀ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੋਰ ਬਾਰੀਕੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।